ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਲੁਧਿਆਣਾ ਦੀਆਂ ਤਿੰਨ ਜੇਲ੍ਹਾਂ ਦੀ ਅਚਨਚੇਤ ਚੈਕਿੰਗ

📍 स्थान / Location: Ludhiana 🗂️ विषय / Category: पंजाब / Punjab 📹 Full Video / पूरा वीडियो 📅 September 1, 2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਚੇਅਰਪਰਸਨ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਵੱਲੋਂ 31 ਅਗਸਤ ਨੂੰ ਲੁਧਿਆਣਾ ਦੀ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਹਿਮਾਂਸ਼ੂ ਅਰੋੜਾ ਵੀ ਮੌਜੂਦ ਰਹੇ।
ਚੈਕਿੰਗ ਦੌਰਾਨ ਜੱਜ ਸਾਹਿਬਾ ਨੇ ਜੇਲ੍ਹ ਸੁਪਰਡੰਟਾਂ ਦੀ ਮੌਜੂਦਗੀ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਬੰਦੀਆਂ ਦੀਆਂ ਜਾਇਜ਼ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਦੌਰਾਨ ਬੰਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇ ਅਧਿਕਾਰ ਬਾਰੇ ਵੀ ਜਾਣਕਾਰੀ ਦਿੱਤੀ ਗਈ। ਜੱਜ ਸਾਹਿਬਾ ਨੇ ਦੱਸਿਆ ਕਿ ਨਿੱਜੀ ਵਕੀਲ ਕਰਨ ਤੋਂ ਅਸਮਰੱਥ ਬੰਦੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੀਂ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ।
ਕੇਂਦਰੀ ਜੇਲ੍ਹ ਵਿੱਚ ਕੈਦੀਆਂ ਲਈ ਤਿਆਰ ਕੀਤੇ ਜਾ ਰਹੇ ਖਾਣੇ ਦੀ ਗੁਣਵੱਤਾ ਦਾ ਵੀ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਬੋਰਸਟਲ ਜੇਲ੍ਹ ਵਿੱਚ ਨਿਰਮਾਣ ਅਧੀਨ ‘Better Life Prison School’ ਦਾ ਨਿਰੀਖਣ ਕੀਤਾ ਗਿਆ, ਜਿੱਥੇ ਬੱਚਿਆਂ ਨੂੰ ਪੇਂਟਿੰਗ, ਕਲਾਕ੍ਰਿਤੀਆਂ ਅਤੇ ਕੰਪਿਊਟਰ ਕੋਰਸਾਂ ਦੀ ਸਿਖਲਾਈ ਦਿੱਤੀ ਜਾਵੇਗੀ।
ਅੰਤ ਵਿੱਚ ਜੇਲ੍ਹ ਸੁਪਰਡੰਟਾਂ ਨੂੰ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਚੈਕਿੰਗ ਦੌਰਾਨ ਸਾਹਮਣੇ ਆਈਆਂ ਕਮੀਆਂ ਨੂੰ ਦੂਰ ਕਰਕੇ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਗਈ।

Scroll to Top