ਮੁੱਖ ਮੰਤਰੀ ਦਾ ਵਿਰੋਧ ਕਰਨ ਵਾਲਾ ਮੋਹਨਜੀਤ ਸਿੰਘ ਰਜਿੰਦਰਾ ਹਸਪਤਾਲ ਦਾਖਲ
ਸੰਗਰੂਰ ਵਿੱਚ ਮੁੱਖ ਮੰਤਰੀ ਦਾ ਵਿਰੋਧ ਕਰਨ ਵਾਲੇ ਮੋਹਨਜੀਤ ਸਿੰਘ ਜਿਸ ਨੂੰ ਕਿ ਪਹਿਲਾਂ ਸੰਗਰੂਰ ਹਸਪਤਾਲ ਚ ਦਾਖਲ ਕਰਵਾਇਆ ਗਿਆ ਸੀ ਹੁਣ ਹਾਲਤ ਵਿਗੜ
ਸੰਗਰੂਰ ਵਿੱਚ ਮੁੱਖ ਮੰਤਰੀ ਦੇ ਵਿਰੋਧ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੋਹਨਜੀਤ ਸਿੰਘ ਦੀ ਸਿਹਤ ਵਿਗੜਨ ਤੋਂ ਬਾਅਦ ਅੱਜ ਉਨ੍ਹਾਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਉਨ੍ਹਾਂ ਨੂੰ ਹਸਪਤਾਲ ਦੀ ਐਮਰਜੈਂਸੀ ਵਿੱਚ ਦਾਖਲ ਕਰਵਾਇਆ ਗਿਆ ਹੈ।
ਮੋਹਨਜੀਤ ਸਿੰਘ ਨੂੰ ਮੁੱਖ ਮੰਤਰੀ ਦੇ ਵਿਰੋਧ ਦੌਰਾਨ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨਾਲ ਕਥਿਤ ਤੌਰ ’ਤੇ ਪੁਲਿਸ ਵੱਲੋਂ ਤਸ਼ੱਦਦ ਕੀਤੇ ਜਾਣ ਦੇ ਦੋਸ਼ ਲੱਗੇ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਅੱਜ ਸਿਹਤ ਵਿਗੜਨ ਤੋਂ ਬਾਅਦ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਬਿਹਤਰ ਇਲਾਜ ਅਤੇ ਅਗਲੇਰੀ ਜਾਂਚ ਲਈ ਰਜਿੰਦਰਾ ਹਸਪਤਾਲ ਭੇਜਿਆ ਗਿਆ। ਇੱਥੇ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੇ ਕਈ ਮੈਡੀਕਲ ਟੈਸਟ ਕਰਵਾਏ ਜਾ ਰਹੇ ਹਨ ਅਤੇ ਇਲਾਜ ਜਾਰੀ ਹੈ। ਉਨ੍ਹਾਂ ਦੀ ਸਹੀ ਮੈਡੀਕਲ ਸਥਿਤੀ ਟੈਸਟਾਂ ਦੀਆਂ ਰਿਪੋਰਟਾਂ ਤੋਂ ਬਾਅਦ ਹੀ ਸਪਸ਼ਟ ਹੋਵੇਗੀ।
ਇਸ ਦੌਰਾਨ ਭਾਜਪਾ ਦੇ ਕਈ ਆਗੂ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ, ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਅੰਦਰ ਜਾ ਕੇ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਭਾਜਪਾ ਆਗੂ ਦਮਨ ਥਿੰਦ ਬਾਜਵਾ ਅਤੇ ਕਰਨ ਕੌੜਾ ਨੇ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਥਿਤ ਪੁਲਿਸ ਤਸ਼ੱਦਦ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਹੈ। ਹਾਲਾਂਕਿ, ਪੁਲਿਸ ਤਸ਼ੱਦਦ ਦੇ ਦੋਸ਼ਾਂ ਦੀ ਪੁਸ਼ਟੀ ਅਧਿਕਾਰਤ ਤੌਰ ’ਤੇ ਹੋਣਾ ਅਜੇ ਬਾਕੀ ਹੈ।