ਨਿੱਕੇ ਕਦਮ’ ਪ੍ਰੋਜੈਕਟ ਅਧੀਨ ਆਂਗਣਵਾੜੀ ਵਰਕਰਾਂ ਦੀ ਫੇਜ਼-2 ਟ੍ਰੇਨਿੰਗ ਸੰਪੂਰਨ*
*’ਨਿੱਕੇ ਕਦਮ’ ਪ੍ਰੋਜੈਕਟ ਅਧੀਨ ਆਂਗਣਵਾੜੀ ਵਰਕਰਾਂ ਦੀ ਫੇਜ਼-2 ਟ੍ਰੇਨਿੰਗ ਸੰਪੂਰਨ*
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਛੋਟੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਨਿੱਕੇ ਕਦਮ’ ਪ੍ਰੋਜੈਕਟ ਅਧੀਨ ਫਰੰਟਲਾਈਨ ਵਰਕਰਾਂ ਦੀ ਕੈਪੇਸਿਟੀ ਬਿਲਡਿੰਗ ਟ੍ਰੇਨਿੰਗ ਦੇ ਫੇਜ਼-2 ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਤਰਨ ਤਾਰਨ ਅਤੇ ਭਿੱਖੀਵਿੰਡ ਦੇ 12 ਸਰਕਲਾਂ ਦੀਆਂ ਕੁੱਲ 320 ਆਂਗਣਵਾੜੀ ਵਰਕਰਾਂ ਨੂੰ ਮਿਤੀ 01 ਸਤੰਬਰ 2026 ਤੋਂ 07 ਸਤੰਬਰ 2026 ਤੱਕ ਟ੍ਰੇਨਿੰਗ ਕਰਵਾਈ ਗਈ।
ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਆਂਗਣਵਾੜੀ ਵਰਕਰਾਂ ਦੀ ਸਮਰੱਥਾ ਵਿੱਚ ਵਾਧਾ ਕਰਨਾ ਅਤੇ ਉਨ੍ਹਾਂ ਨੂੰ 0-3 ਸਾਲ ਦੇ ਬੱਚਿਆਂ ਦੇ ਸ਼ੁਰੂਆਤੀ ਵਿਕਾਸ, ਪੋਸ਼ਣ, ਸਿਹਤ, ਦੇਖਭਾਲ ਅਤੇ ਮਾਪਿਆਂ ਦੀ ਭਾਗੀਦਾਰੀ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਵਿਹਾਰਕ ਹੁਨਰ ਪ੍ਰਦਾਨ ਕਰਨਾ ਸੀ।
ਟ੍ਰੇਨਿੰਗ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਬੱਚਿਆਂ ਦੇ ਉਮਰ ਅਨੁਸਾਰ ਵਿਕਾਸ, ਬੱਚਿਆਂ ਨਾਲ ਗਤੀਵਿਧੀਆਂ ਰਾਹੀਂ ਸਿੱਖਣ, ਮਾਪਿਆਂ ਨਾਲ ਪ੍ਰਭਾਵਸ਼ਾਲੀ ਸੰਚਾਰ ਅਤੇ ਬੱਚਿਆਂ ਦੇ ਸਿਹਤਮੰਦ ਤੇ ਸਰਵਪੱਖੀ ਵਿਕਾਸ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਆਂਗਣਵਾੜੀ ਵਰਕਰਾਂ ਨੂੰ ਟ੍ਰੇਨਿੰਗ ਦੌਰਾਨ ਪ੍ਰਾਪਤ ਗਿਆਨ ਅਤੇ ਹੁਨਰ ਨੂੰ ਆਪਣੇ ਆਂਗਣਵਾੜੀ ਕੇਂਦਰਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਵੱਧ ਤੋਂ ਵੱਧ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਇਸ ਦਾ ਲਾਭ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ।
ਵਿਭਾਗ ਵੱਲੋਂ ‘ਨਿੱਕੇ ਕਦਮ’ ਪ੍ਰੋਜੈਕਟ ਰਾਹੀਂ ਬੱਚਿਆਂ ਦੇ ਜੀਵਨ ਦੇ ਸ਼ੁਰੂਆਤੀ ਸਾਲਾਂ ਨੂੰ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦੇ ਸਿਹਤਮੰਦ, ਸੁਰੱਖਿਅਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।