ਮੇਅਰ ਇੰਦਰਜੀਤ ਕੌਰ ਨੇ ਰਾਤ ਸਮੇਂ ਸੜਕਾਂ ਦੇ ਮੁੜ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
ਕੈਨਾਲ ਬੇਸਡ ਵਾਟਰ ਸਪਲਾਈ ਪ੍ਰਾਜੈਕਟ ਤਹਿਤ ਪੁੱਟੀਆਂ ਗਈਆਂ ਸੜਕਾਂ ਦੇ ਮੁੜ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਨਗਰ ਨਿਗਮ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸੇ ਤਹਿਤ ਮੇਅਰ ਇੰਦਰਜੀਤ ਕੌਰ ਨੇ ਐਤਵਾਰ ਦੇਰ ਰਾਤ ਰਿਸ਼ੀ ਨਗਰ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਸੜਕਾਂ ਦੇ ਪੁਨਰ ਨਿਰਮਾਣ ਕਾਰਜਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ।
ਮੇਅਰ ਨੇ ਇਨਕਮ ਟੈਕਸ ਦਫ਼ਤਰ ਰੋਡ ਸਮੇਤ ਹੋਰ ਥਾਵਾਂ ’ਤੇ ਚੱਲ ਰਹੇ ਕੰਮ ਦੀ ਗੁਣਵੱਤਾ ਦੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀਆਂ ਗਈਆਂ ਸੜਕਾਂ ਦਾ ਮੁੜ ਨਿਰਮਾਣ ਜਲਦ ਤੋਂ ਜਲਦ ਕੀਤਾ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਆਵਾਜਾਈ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।
ਰਿਸ਼ੀ ਨਗਰ, ਮਾਡਲ ਟਾਊਨ ਐਕਸਟੈਂਸ਼ਨ ਦੀ ਸ਼ਮਸ਼ਾਨਘਾਟ ਰੋਡ, ਸਰਾਭਾ ਨਗਰ, ਦੁੱਗਰੀ ਅਤੇ ਕਿਚਲੂ ਨਗਰ ਸਮੇਤ ਕਈ ਇਲਾਕਿਆਂ ਵਿੱਚ ਸੜਕਾਂ ਦੀ ਮੁੜ ਉਸਾਰੀ ਦਾ ਕੰਮ ਚੱਲ ਰਿਹਾ ਹੈ।
ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਗੁਣਵੱਤਾ ਵਾਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਵਚਨਬੱਧ ਹੈ।