ਹਮਾਰੇ ਰਾਮ’ ਨੇ ਅੰਮ੍ਰਿਤਸਰ ਵਿਖੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

🗂️ विषय / Category: पंजाब / Punjab 📹 Full Video / पूरा वीडियो 📅 September 17, 2026 🌐 GPS: Amritsar

‘ਹਮਾਰੇ ਰਾਮ’ ਨੇ ਅੰਮ੍ਰਿਤਸਰ ਵਿਖੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਰਾਵਣ ਦੇ ਕਿਰਦਾਰ ਵਿੱਚ ਆਸ਼ੂਤੋਸ਼ ਰਾਣਾ ਅਤੇ ਸ਼੍ਰੀ ਰਾਮ ਦੇ ਕਿਰਦਾਰ ਵਿੱਚ ਰਾਹੁਲ ਭੁੱਚਰ ਦੀ ਸ਼ਾਨਦਾਰ ਅਦਾਕਾਰੀ ਨੇ ਖੂਬ ਵਾਹ-ਵਾਹ ਖੱਟੀ

ਦੋ ਰੋਜ਼ਾ ਨਾਟਕੀ ਪੇਸ਼ਕਾਰੀ ਨੂੰ ਅੰਮ੍ਰਿਤਸਰ ਵਿਖੇ ਮਿਲਿਆ ਭਰਵਾਂ ਹੁੰਗਾਰਾ

ਨੌਜਵਾਨ ਪੀੜ੍ਹੀ ਨੂੰ ਭਾਰਤ ਦੀ ਅਮੀਰ ਸੱਭਿਆਚਾਰਕ ਅਤੇ ਸਾਹਿਤਕ ਵਿਰਾਸਤ ਨਾਲ ਜੋੜਨ ਲਈ ਅਜਿਹੇ ਉਪਰਾਲੇ ਬੇਹੱਦ ਮਹੱਤਵਪੂਰਨ – ਹਰਭਜਨ ਸਿੰਘ ਈ.ਟੀ.ਓ.

: ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਸਰਪ੍ਰਸਤੀ ਹੇਠ ਕਰਵਾਈ ਗਈ ਸ਼ਾਨਦਾਰ ਨਾਟਕੀ ਅਤੇ ਸੰਗੀਤਕ ਪੇਸ਼ਕਾਰੀ ‘ਹਮਾਰੇ ਰਾਮ’ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਆਪਣੇ ਦੋ ਰੋਜ਼ਾ ਪ੍ਰਦਰਸ਼ਨ ਦੌਰਾਨ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਦੋਵੇਂ ਦਿਨ ਵੱਡੀ ਗਿਣਤੀ ਵਿੱਚ ਦਰਸ਼ਕਾਂ ਨੇ ਸ਼ਮੂਲੀਅਤ ਕਰਦਿਆਂ ਪੇਸ਼ਕਾਰੀ ਨੂੰ ਭਰਵਾਂ ਹੁੰਗਾਰਾ ਦਿੱਤਾ।

ਰਾਮਾਇਣ ਦੇ ਅਣਛੋਹੇ ਅਤੇ ਘੱਟ ਜਾਣੇ-ਪਛਾਣੇ ਪੱਖਾਂ ਨੂੰ ਨਾਟਕੀ ਤੇ ਸੰਗੀਤਕ ਰੂਪ ਵਿੱਚ ਪੇਸ਼ ਕਰਦੀ ਇਸ ਪੇਸ਼ਕਾਰੀ ਨੇ ਪ੍ਰਭਾਵਸ਼ਾਲੀ ਕਥਾ, ਸੰਵਾਦ, ਅਦਾਕਾਰੀ ਅਤੇ ਸੰਗੀਤ ਰਾਹੀਂ ਦਰਸ਼ਕਾਂ ਨੂੰ ਆਪਣੇ ਨਾਲ ਜੋੜੀ ਰੱਖਿਆ। ਰਾਵਣ ਦੇ ਕਿਰਦਾਰ ਵਿੱਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਸੰਵਾਦ ਅਦਾਇਗੀ ਅਤੇ ਮੰਚ ਮੌਜੂਦਗੀ ਨੇ ਖੂਬ ਤਾੜੀਆਂ ਬਟੋਰੀਆਂ, ਜਦਕਿ ਰਾਹੁਲ ਭੁੱਚਰ ਵੱਲੋਂ ਸ਼੍ਰੀ ਰਾਮ ਦੇ ਕਿਰਦਾਰ ਦੀ ਸੰਵੇਦਨਸ਼ੀਲ ਪੇਸ਼ਕਾਰੀ ਦੀ ਵੀ ਦਰਸ਼ਕਾਂ ਨੇ ਭਰਪੂਰ ਸ਼ਲਾਘਾ ਕੀਤੀ। ਪ੍ਰਸਿੱਧ ਗਾਇਕਾਂ ਸ਼ੰਕਰ ਮਹਾਦੇਵਨ, ਸੋਨੂੰ ਨਿਗਮ ਅਤੇ ਕੈਲਾਸ਼ ਖੇਰ ਦੀਆਂ ਸੁਰੀਲੀਆਂ ਅਤੇ ਰੂਹਾਨੀ ਸੰਗੀਤਕ ਪੇਸ਼ਕਾਰੀਆਂ ਨੇ ਨਾਟਕ ਦੇ ਪ੍ਰਭਾਵ ਨੂੰ ਹੋਰ ਵੀ ਵਧਾਇਆ।

ਸਮਾਪਤੀ ਮੌਕੇ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸੂਬੇ ਵਿੱਚ ‘ਹਮਾਰੇ ਰਾਮ’ ਦੇ ਕੁੱਲ 41 ਸ਼ੋਅ ਕਰਵਾਏ ਜਾ ਰਹੇ ਹਨ। ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਤੱਕ ਇਸ ਸ਼ਾਨਦਾਰ ਨਾਟਕੀ ਅਤੇ ਸੰਗੀਤਕ ਪੇਸ਼ਕਾਰੀ ਨੂੰ ਪਹੁੰਚਾਉਣਾ ਅਤੇ ਉਨ੍ਹਾਂ ਨੂੰ ਰਾਮਾਇਣ ਦੇ ਅਣਕਹੇ ਅਧਿਆਇਆਂ ਨਾਲ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪੇਸ਼ਕਾਰੀਆਂ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸਦੀਆਂ ਪੁਰਾਣੀਆਂ ਪਰੰਪਰਾਵਾਂ ਨੂੰ ਨਵੇਂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਭਾਰਤ ਦੀ ਅਮੀਰ ਸੱਭਿਆਚਾਰਕ ਅਤੇ ਸਾਹਿਤਕ ਵਿਰਾਸਤ ਨਾਲ ਜੋੜਨ ਲਈ ਅਜਿਹੇ ਉਪਰਾਲੇ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਇਸ ਸੱਭਿਆਚਾਰਕ ਪਹਿਲਕਦਮੀ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਤੱਕ ਲਿਜਾਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅੰਮ੍ਰਿਤਸਰ ਵਾਸੀਆਂ ਦਾ ‘ਹਮਾਰੇ ਰਾਮ’ ਨਟਕ ਨੂੰ ਪੂਰੇ ਉਤਸ਼ਾਹ ਨਾਲ ਦਖਣ ਲਈ ਧੰਨਵਾਦ ਕੀਤਾ।

ਦਰਸ਼ਕਾਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਰਾਮਾਇਣ ਦੇ ਅਣਛੋਹੇ ਪੱਖਾਂ ਨੂੰ ਆਧੁਨਿਕ ਨਾਟਕੀ ਅੰਦਾਜ਼ ਵਿੱਚ ਪੇਸ਼ ਕਰਨ ਨਾਲ ਖ਼ਾਸ ਕਰਕੇ ਨੌਜਵਾਨਾਂ ਨੂੰ ਭਾਰਤੀ ਸੱਭਿਆਚਾਰਕ ਵਿਰਾਸਤ ਅਤੇ ਇਸ ਨਾਲ ਜੁੜੀਆਂ ਸਦੀਵੀ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਮਦਦ ਮਿਲੇਗੀ।

ਇਸ ਮੌਕੇ ਸਨਾਤਨ ਸੇਵਾ ਸੰਮਤੀ ਦੇ ਮਾਝਾ ਜ਼ੋਨ ਦੇ ਇੰਚਾਰਜ ਸ੍ਰੀ ਪ੍ਰਣਨ ਧਵਨ, ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ, ਸ੍ਰੀਮਤੀ ਸੁਹਿੰਦਰ ਕੌਰ, ਐਡਵੋਕੇਟ ਅਰਵਿੰਦਰ ਸਿੰਘ ਭੱਟੀ, ਯੁਵਰਾਜ ਸਿੰਘ ਬੱਲ, ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾਰੂ ਤੋਂ ਇਲਾਵਾ ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ, ਐੱਸ.ਡੀ.ਐੱਮ. ਮਜੀਠਾ ਸ੍ਰੀ ਰਜਨੀਸ਼ ਅਰੋੜਾ ਸਮੇਤ ਹੋਰ ਅਧਿਕਾਰੀ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

Scroll to Top