ਹਾੜੀ ਦੀਆਂ ਫ਼ਸਲਾਂ ਸਬੰਧੀ ਭਲਕੇ ਰਾਏਕੋਟ ’ਚ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ

📍 स्थान / Location: Ludhiana 🗂️ विषय / Category: पंजाब / Punjab 📹 Full Video / पूरा वीडियो 📅 October 8, 2026

ਹਾੜੀ ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਅਤੇ ਖੇਤੀਬਾੜੀ ਨਾਲ ਜੁੜੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਗਰੂਕ ਕਰਨ ਲਈ ਭਲਕੇ 9 ਅਕਤੂਬਰ ਨੂੰ ਰਾਏਕੋਟ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਕਤਿਆਲ ਪੈਲੇਸ, ਰਾਏਕੋਟ-ਲੁਧਿਆਣਾ ਰੋਡ, ਰਾਏਕੋਟ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਕਰੀਬ 2 ਹਜ਼ਾਰ ਕਿਸਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਿੱਟੀ ਦੀ ਪਰਖ ਕਰਵਾਏ ਬਿਨਾਂ ਖਾਦਾਂ ਦੀ ਵਰਤੋਂ ਨਾ ਕਰਨ, ਤਾਂ ਜੋ ਖੇਤੀਬਾੜੀ ਦੇ ਖਰਚਿਆਂ ਨੂੰ ਘਟਾਇਆ ਜਾ ਸਕੇ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਯਕੀਨੀ ਬਣੇ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਮਿਆਰੀ ਕਿਸਮ ਦੇ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ। ਕਿਸਾਨਾਂ ਨੂੰ ਹਾੜੀ ਅਤੇ ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪਿੰਡ ਅਤੇ ਬਲਾਕ ਪੱਧਰ ’ਤੇ ਵੀ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ, ਜਦਕਿ ਪਰਾਲੀ ਸਾੜਨ ਨਾਲ ਵਾਤਾਵਰਨ ਅਤੇ ਮਿੱਟੀ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਏ ਜਾ ਰਹੇ ਆਧੁਨਿਕ ਖੇਤੀ ਸੰਦਾਂ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ।

Scroll to Top