ਐੱਸ.ਡੀ.ਐੱਮ ਖਡੂਰ ਸਾਹਿਬ ਵੱਲੋਂ ਅਤਿ ਨਾਜ਼ੁਕ ਪਿੰਡਾਂ ਦਾ ਦੌਰਾ
*ਪਰਾਲੀ ਨੂੰ ਅੱਗ ਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ!*
-ਐੱਸ.ਡੀ.ਐੱਮ ਖਡੂਰ ਸਾਹਿਬ ਵੱਲੋਂ ਅਤਿ ਨਾਜ਼ੁਕ ਪਿੰਡਾਂ ਦਾ ਦੌਰਾ
-ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੀਤਾ ਪ੍ਰੇਰਿਤ
-ਪਰਾਲੀ ਦੇ ਡੰਪ ਦਾ ਦੌਰਾ, ਬੇਲਰਾਂ ਬਾਰੇ ਲਈ ਜਾਣਕਾਰੀ
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਉੱਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਅਤਿ ਨਾਜ਼ੁਕ ਪਿੰਡਾਂ ਆਲੀਆ, ਨਾਗੋਕੇ, ਨਾਗੋਕੇ ਮੋੜ, ਸਰਲੀ ਅਤੇ ਅਹਿਮਦਪੁਰ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।
ਇਸ ਦੌਰੇ ਦੌਰਾਨ ਖੇਤੀਬਾੜੀ ਵਿਭਾਗ ਤੋਂ ਡਾ. ਯਾਦਵਿੰਦਰ ਸਿੰਘ ਅਤੇ ਡਾ. ਰੁਪਿੰਦਰਜੀਤ ਸਿੰਘ ਅਤੇ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਤੋਂ ਥਾਣੇਦਾਰ ਰਾਜੀਵ ਕੁਮਾਰ ਪੁਲਿਸ ਪਾਰਟੀ ਸਮੇਤ ਮੌਜੂਦ ਸਨ। ਟੀਮ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਆਧੁਨਿਕ ਤਰੀਕਿਆਂ, ਮਸ਼ੀਨਰੀ ਦੀ ਉਪਲਬੱਧਤਾ ਅਤੇ ਪਰਾਲੀ ਦੀ ਸਹੀ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ।
*ਪਰਾਲੀ ਦੇ ਡੰਪ ਦਾ ਦੌਰਾ, ਬੇਲਰਾਂ ਬਾਰੇ ਲਈ ਜਾਣਕਾਰੀ*
ਪਿੰਡ ਢੋਟਾ ਵਿਖੇ ਪਰਾਲੀ ਦੇ ਡੰਪ ਦਾ ਦੌਰਾ ਕਰਦਿਆਂ ਐੱਸ.ਡੀ.ਐੱਮ ਸੰਜੀਵ ਸ਼ਰਮਾ ਨੇ ਉਥੇ ਮੌਜੂਦ ਬੇਲਰਾਂ ਦੇ ਮਾਲਕਾਂ ਨਾਲ ਗੱਲਬਾਤ ਕੀਤੀ ਅਤੇ ਪਰਾਲੀ ਦੀਆਂ ਗੰਢਾਂ ਬਣਾਉਣ, ਮਸ਼ੀਨਰੀ ਦੀ ਉਪਲਬਧਤਾ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਬੇਲਰਾਂ ਰਾਹੀਂ ਗੰਢਾਂ ਬਣਵਾ ਕੇ ਇਸ ਦੀ ਸੁਚੱਜੀ ਵਰਤੋਂ ਕਰਨ, ਤਾਂ ਜੋ ਵਾਤਾਵਰਨ ਦੀ ਰੱਖਿਆ ਦੇ ਨਾਲ-ਨਾਲ ਖੇਤੀਬਾੜੀ ਦੇ ਸਰੋਤਾਂ ਨੂੰ ਵੀ ਸੰਭਾਲਿਆ ਜਾ ਸਕੇ।
*ਪਰਾਲੀ ਨੂੰ ਅੱਗ ਲਗਾਉਣਾ ਅਗਲੀ ਪੀੜ੍ਹੀ ਦੀ ਸਿਹਤ ਨਾਲ ਖਿਲਵਾੜ:*
ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਸਾੜਨਾ ਸਿਰਫ਼ ਖੇਤ ਵਿੱਚ ਅੱਗ ਲਗਾਉਣ ਤੱਕ ਸੀਮਿਤ ਨਹੀਂ, ਸਗੋਂ ਇਸ ਦਾ ਅਸਰ ਹਵਾ, ਮਿੱਟੀ, ਮਨੁੱਖੀ ਸਿਹਤ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਉੱਤੇ ਵੀ ਪੈਂਦਾ ਹੈ। ਪਰਾਲੀ ਸਾੜਨ ਨਾਲ ਮਿੱਟੀ ਵਿੱਚ ਮੌਜੂਦ ਲਾਭਕਾਰੀ ਜੀਵ ਅਤੇ ਮਿੱਤਰ ਕੀੜੇ ਨਸ਼ਟ ਹੁੰਦੇ ਹਨ ਅਤੇ ਮਿੱਟੀ ਦੇ ਕੁਦਰਤੀ ਗੁਣਾਂ ਨੂੰ ਨੁਕਸਾਨ ਪਹੁੰਚਦਾ ਹੈ। ਧੂੰਏਂ ਕਾਰਨ ਹਵਾ ਪ੍ਰਦੂਸ਼ਿਤ ਹੁੰਦੀ ਹੈ ਅਤੇ ਬੱਚਿਆਂ, ਬਜ਼ੁਰਗਾਂ ਤੇ ਸਾਹ ਦੀਆਂ ਸਮੱਸਿਆਵਾਂ ਵਾਲੇ ਵਿਅਕਤੀਆਂ ਲਈ ਮੁਸ਼ਕਲਾਂ ਵਧ ਸਕਦੀਆਂ ਹਨ।
ਕਿਸਾਨਾਂ ਨੂੰ ਸਮਝਾਇਆ ਗਿਆ ਕਿ ਅੱਜ ਖੇਤ ਵਿੱਚ ਲਗਾਈ ਗਈ ਅੱਗ ਦਾ ਧੂੰਆਂ ਸਿਰਫ਼ ਆਪਣੇ ਪਿੰਡ ਤੱਕ ਸੀਮਿਤ ਨਹੀਂ ਰਹਿੰਦਾ, ਸਗੋਂ ਆਸ-ਪਾਸ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵੀ ਪ੍ਰਭਾਵਿਤ ਕਰਦਾ ਹੈ। ਇਸ ਲਈ ਪਰਾਲੀ ਦਾ ਪ੍ਰਬੰਧਨ ਕਰਨਾ ਕੇਵਲ ਸਰਕਾਰੀ ਹਦਾਇਤ ਨਹੀਂ, ਬਲਕਿ ਸਮਾਜਿਕ ਅਤੇ ਵਾਤਾਵਰਨਕ ਜ਼ਿੰਮੇਵਾਰੀ ਵੀ ਹੈ।
*ਕਿਸਾਨ ਪਰਾਲੀ ਸੰਭਾਲਣ, ਪ੍ਰਸ਼ਾਸਨ ਨਾਲ ਸਹਿਯੋਗ ਕਰਨ :*
ਐੱਸ.ਡੀ.ਐੱਮ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਅਤੇ ਬੇਲਰ ਸੇਵਾਵਾਂ ਦਾ ਲਾਭ ਲੈਣ ਅਤੇ ਕਿਸੇ ਵੀ ਹਾਲਤ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮਕਸਦ ਕਿਸਾਨਾਂ ਨੂੰ ਜਾਗਰੂਕ ਕਰਨਾ, ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨਾ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਹੈ।
ਉਨ੍ਹਾਂ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਪਰਾਲੀ ਸਾੜਨ ਸਬੰਧੀ ਸਰਕਾਰੀ ਹਦਾਇਤਾਂ ਦੀ ਉਲੰਘਣਾ ਹੋਣ ’ਤੇ ਲਾਗੂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਲਈ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਕਿਸੇ ਵੀ ਸੰਭਾਵੀ ਕਾਨੂੰਨੀ ਕਾਰਵਾਈ ਤੋਂ ਬਚਣ ਅਤੇ ਆਪਣੀ ਜ਼ਮੀਨ, ਸਿਹਤ ਤੇ ਵਾਤਾਵਰਨ ਦੀ ਰੱਖਿਆ ਲਈ ਪਰਾਲੀ ਪ੍ਰਬੰਧਨ ਨੂੰ ਤਰਜੀਹ ਦੇਣ।