ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਗੁਰੂਸਰ ਸਾਹਿਬ ਮਾਦੋਕੇ ਬਰਾੜ ਵਿਖੇ ਹੋਇਆ ਗੁਰਮਤਿ ਸਮਾਗਮ*

🗂️ विषय / Category: पंजाब / Punjab 📹 Full Video / पूरा वीडियो 📅 October 24, 2026 🌐 GPS: Amritsar

*ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਗੁਰੂਸਰ ਸਾਹਿਬ ਮਾਦੋਕੇ ਬਰਾੜ ਵਿਖੇ ਹੋਇਆ ਗੁਰਮਤਿ ਸਮਾਗਮ*
– ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ ਅਤੇ ਸਿੱਖ ਰਹਿਣੀ ਨਾਲ ਜੋੜਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਅੱਜ ਗੁਰਦੁਆਰਾ ਗੁਰੂਸਰ ਸਾਹਿਬ, ਮਾਦੋਕੇ ਬਰਾੜ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਬੀਬੀ ਬਲਵਿੰਦਰ ਕੌਰ ਲੋਪੋਕੇ ਦੇ ਉਪਰਾਲੇ ਨਾਲ ਕਰਵਾਏ ਗਏ ਇਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਾਬਕਾ ਵਿਧਾਇਕ ਸ. ਵੀਰ ਸਿੰਘ ਲੋਪੋਕੇ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ, ਨੌਜਵਾਨ ਪੀੜ੍ਹੀ ਅੰਦਰ ਸਿੱਖੀ ਪ੍ਰਤੀ ਚੇਤਨਾ ਪੈਦਾ ਕਰਨ ਅਤੇ ਅੰਮ੍ਰਿਤਧਾਰੀ ਜੀਵਨ ਜਾਚ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਚਲਦਾ ਵਹੀਰ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਹਰ ਹਲਕੇ ਵਿਚ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਤ ਮੀਰੀ ਪੀਰੀ ਦੇ ਇਤਿਹਾਸਕ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਖਾਲਸਾ ਮਾਰਚ ਆਰੰਭ ਕਰਕੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਅੱਜ ਦੀ ਵੱਡੀ ਸਮੱਸਿਆ ਨੌਜਵਾਨਾਂ ਦਾ ਨਸ਼ਿਆਂ ਵਿਚ ਗ਼ਲਤਾਨ ਹੋਣਾ ਹੈ। ਪੰਜਾਬ ਦੀ ਨੌਜਵਾਨੀ ਨੂੰ ਅਜਿਹੇ ਮਾਰੂ ਹਮਲੇ ਤੋਂ ਬਚਾਉਣ ਲਈ ਧਾਰਮਿਕ, ਸਮਾਜਿਕ ਅਤੇ ਪਰਿਵਾਰਕ ਪੱਧਰ ’ਤੇ ਸਾਂਝੇ ਯਤਨ ਕਰਨ ਦੀ ਲੋੜ ਹੈ। ਇਸੇ ਮੰਤਵ ਨਾਲ ਪਿੰਡ-ਪਿੰਡ ਗੁਰਮਤਿ ਦੀ ਆਵਾਜ਼ ਬੁਲੰਦ ਕਰਨ ਅਤੇ ਨੌਜਵਾਨਾਂ ਨੂੰ ਗੁਰੂ ਸਾਹਿਬ ਦੇ ਲੜ ਲਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਲਹਿਰ ਤਹਿਤ ਹਰ ਹਲਕੇ ਵਿਚ ਗੁਰਮਤਿ ਸਮਾਗਮ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਥਾ ਵੀਚਾਰ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੱਚ, ਸੇਵਾ, ਸਿਮਰਨ, ਸਦਾਚਾਰ ਅਤੇ ਸਰਬੱਤ ਦੇ ਭਲੇ ਦੇ ਮਾਰਗ ਉੱਤੇ ਚੱਲਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਜੀਵਨ ਵਿਚ ਅੰਮ੍ਰਿਤ ਦੀ ਮਹੱਤਤਾ, ਗੁਰਮਤਿ ਰਹਿਣੀ ਅਤੇ ਸਿੱਖੀ ਸਿਧਾਂਤਾਂ ਦੀ ਪਾਲਣਾ ਅਹਿਮ ਹੈ ਅਤੇ ਇਸ ਬਾਰੇ ਜਾਗਰੂਕਤਾ ਪੈਦਾ ਕਰਨਾ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਅਧਿਆਤਮਕ ਮਾਰਗ ’ਤੇ ਚੱਲਦਿਆਂ ਆਪਣੇ ਜੀਵਨ ਨੂੰ ਗੁਰਮਤਿ ਅਨੁਸਾਰ ਢਾਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕਰਵਾਏ ਗਏ ਅੰਮ੍ਰਿਤ ਸੰਚਾਰ ਸਮਾਗਮ ਸਮੇਂ 133 ਪ੍ਰਾਣੀਆਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਗੁਰੂ ਵਾਲੇ ਬਣੇ।
ਸਮਾਗਮ ’ਚ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਸ. ਵੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਬੀਬੀ ਬਲਵਿੰਦਰ ਕੌਰ, ਮੀਤ ਸਕੱਤਰ ਸ. ਸੁਖਬੀਰ ਸਿੰਘ, ਬਾਬਾ ਰਤਨ ਸਿੰਘ ਕਾਰਸੇਵਾ ਗੁਰੂਸਰ ਬਰਾੜ, ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕੇ ਬਾਗ, ਸੁਪਰਵਾਈਜ਼ਰ ਸ. ਬਲਜੀਤ ਸਿੰਘ, ਸ. ਭੁਪਿੰਦਰ ਸਿੰਘ ਤੇ ਮੋਹਨਦੀਪ ਸਿੰਘ, ਇੰਚਾਰਜ ਸ. ਨਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਕਮ ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਢਾਡੀ ਭਾਈ ਗੁਰਭੇਜ ਸਿੰਘ ਚਵਿੰਡਾ, ਭਾਈ ਮਨਜੀਤ ਸਿੰਘ ਸਹਿਜਪਾਠ ਸੇਵਾ ਅੰਮ੍ਰਿਤਸਰ ਸਮੇਤ ਸੰਗਤਾਂ ਮੌਜੂਦ ਸਨ।

Scroll to Top