ਖੰਨਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੀ ਸ਼ੁਰੂਆਤ, 10 ਲੱਖ ਖਿਡਾਰੀਆਂ ਦੀ ਸ਼ਮੂਲੀਅਤ ਦਾ ਟੀਚਾ
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਨਰੇਸ਼ ਚੰਦਰ ਸਟੇਡੀਅਮ ਖੰਨਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਦੀ ਸ਼ੁਰੂਆਤ ਕਰਵਾਈ। ਖੰਨਾ ਵਿੱਚ 12 ਤੋਂ 14 ਸਤੰਬਰ ਤੱਕ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ।
ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਨ੍ਹਾਂ ਖੇਡਾਂ ਦਾ ਉਦੇਸ਼ ਪਿੰਡ ਪੱਧਰ ਤੋਂ ਖੇਡ ਪ੍ਰਤਿਭਾ ਦੀ ਪਛਾਣ ਕਰਕੇ ਨੌਜਵਾਨਾਂ ਨੂੰ ਅੱਗੇ ਵਧਣ ਦੇ ਮੌਕੇ ਦੇਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ।
ਖੰਨਾ ਵਿੱਚ ਅਥਲੈਟਿਕਸ, ਫੁੱਟਬਾਲ, ਕਬੱਡੀ ਨੈਸ਼ਨਲ, ਕਬੱਡੀ ਸਰਕਲ, ਖੋ-ਖੋ, ਮੈਨ ਟੈਨਿਸ ਬਾਲ ਕ੍ਰਿਕਟ, ਵਾਲੀਬਾਲ ਸਮੈਸ਼ਿੰਗ ਅਤੇ ਵਾਲੀਬਾਲ ਸ਼ੂਟਿੰਗ ਦੇ ਮੁਕਾਬਲੇ ਹੋਣਗੇ। ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀ ਹਿੱਸਾ ਲੈਣਗੇ।
ਸੌਂਦ ਨੇ ਦੱਸਿਆ ਕਿ 2022 ਵਿੱਚ ਸ਼ੁਰੂ ਹੋਈਆਂ ਇਨ੍ਹਾਂ ਖੇਡਾਂ ਵਿੱਚ ਪਿਛਲੇ ਸੀਜ਼ਨਾਂ ਦੌਰਾਨ ਕਰੀਬ 5 ਲੱਖ ਖਿਡਾਰੀਆਂ ਨੇ ਹਿੱਸਾ ਲਿਆ, ਜਦਕਿ ਇਸ ਵਾਰ 10 ਲੱਖ ਖਿਡਾਰੀਆਂ ਦੀ ਸ਼ਮੂਲੀਅਤ ਦਾ ਟੀਚਾ ਹੈ। ਜੇਤੂਆਂ ਨੂੰ 12 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਅਤੇ ਗ੍ਰੇਡੇਸ਼ਨ ਸਰਟੀਫਿਕੇਟ ਦਿੱਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 3100 ਮਾਡਲ ਪਲੇਅ ਗਰਾਊਂਡ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 1000 ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਦਾਨਾਂ ਵਿੱਚੋਂ ਹੀ ਪੰਜਾਬ ਦੇ ਭਵਿੱਖ ਦੇ ਓਲੰਪੀਅਨ ਨਿਕਲਣਗੇ।