ਖੰਨਾ ਪੁਲਿਸ ਵੱਲੋਂ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 279 ਗ੍ਰਾਮ ਹੈਰੋਇਨ ਤੇ ਨਾਜਾਇਜ਼ ਹਥਿਆਰਾਂ ਸਮੇਤ 4 ਕਾਬੂ
ਖੰਨਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ਾ ਸਪਲਾਈ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕੁੱਲ 279 ਗ੍ਰਾਮ ਹੈਰੋਇਨ, ਦੋ ਨਾਜਾਇਜ਼ ਪਿਸਤੌਲ, ਦੋ ਮੈਗਜ਼ੀਨ, 14 ਜਿੰਦਾ ਰੌਂਦ ਅਤੇ ਇੱਕ ਮੋਟਰਸਾਈਕਲ ਨੰਬਰ PB-02-CT-9444 ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਪੁਲਿਸ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਇਹ ਕਾਰਵਾਈ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕੀਤੀ ਗਈ। ਮਾਮਲੇ ਵਿੱਚ ਥਾਣਾ ਖੰਨਾ ਵਿਖੇ ਐੱਫਆਈਆਰ ਨੰਬਰ 210 ਮਿਤੀ 07.08.2026 ਤਹਿਤ ਐਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21/21-C/61/85 ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25/54/59 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚ ਮਨੋਹਰ ਕੁਮਾਰ, ਧਰਮਜੀਤ ਸਿੰਘ ਉਰਫ਼ ਮੈਲੀ, ਰੋਹਨਦੀਪ ਸਿੰਘ ਉਰਫ਼ ਪੰਨੂ ਅਤੇ ਸਰਵਣ ਸਿੰਘ ਸ਼ਾਮਲ ਹਨ। ਜਾਂਚ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਵੱਖ-ਵੱਖ ਮੌਕਿਆਂ ’ਤੇ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ।
ਬਰਾਮਦਗੀ ਵਿੱਚ ਇੱਕ ਮੁਲਜ਼ਮ ਕੋਲੋਂ 259 ਗ੍ਰਾਮ ਹੈਰੋਇਨ, ਇੱਕ ਹੋਰ ਕੋਲੋਂ 20 ਗ੍ਰਾਮ ਹੈਰੋਇਨ ਮਿਲੀ। ਇਸ ਤੋਂ ਇਲਾਵਾ ਇੱਕ ਨਾਜਾਇਜ਼ .30 ਬੋਰ ਪਿਸਤੌਲ, ਇਸ ਦਾ ਮੈਗਜ਼ੀਨ ਅਤੇ 7 ਜਿੰਦਾ ਰੌਂਦ, ਜਦਕਿ ਇੱਕ ਨਾਜਾਇਜ਼ PX5 ਪਿਸਤੌਲ, ਇਸ ਦਾ ਮੈਗਜ਼ੀਨ ਅਤੇ 7 ਜਿੰਦਾ ਰੌਂਦ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਮਾਮਲੇ ਵਿੱਚ ਵਰਤਿਆ ਗਿਆ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਿਆ ਹੈ।
ਪੁਲਿਸ ਰਿਕਾਰਡ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਰੋਹਨਦੀਪ ਸਿੰਘ ਉਰਫ਼ ਪੰਨੂ ਖ਼ਿਲਾਫ਼ ਪਹਿਲਾਂ ਵੀ ਥਾਣਾ ਸਰਹਾਲੀ, ਜ਼ਿਲ੍ਹਾ ਤਰਨਤਾਰਨ ਵਿਖੇ ਮਾਮਲਾ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਉਸ ਖ਼ਿਲਾਫ਼ ਐੱਫਆਈਆਰ ਨੰਬਰ 23 ਮਿਤੀ 01.03.2025 ਤਹਿਤ ਬੀ.ਐੱਨ.ਐੱਸ. ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਹੈ।
ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਸਪਲਾਈ ਦੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਸਰੋਤ ਸਬੰਧੀ ਅਹਿਮ ਜਾਣਕਾਰੀਆਂ ਸਾਹਮਣੇ ਆਉਣ ਦੀ ਉਮੀਦ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।