ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕੌਮੀ ਖੇਡ ਦਿਵਸ 2026 ਮੌਕੇ “ਖੇਲੋ ਇੰਡੀਆ ਸੰਵਾਦ” ਦਾ ਆਯੋਜਨ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕੌਮੀ ਖੇਡ ਦਿਵਸ 2026 ਮੌਕੇ “ਖੇਲੋ ਇੰਡੀਆ ਸੰਵਾਦ” ਦਾ ਆਯੋਜਨ
ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਵੱਧ ਚੜ ਕੇ ਲਿਆ ਹਿੱਸਾ
ਵਾਈਸ ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ ਦੀ ਸੁਚੱਜੀ ਅਗਵਾਈ ਹੇਠ ਯੂਨੀਵਰਸਿਟੀ ਲਗਾਤਾਰ ਵਿਕਾਸ ਦੀਆਂ ਪੈੜਾਂ ਤੈਅ ਕਰਦੀ ਰਹੇਗੀ – ਡਾ ਬਲਬੀਰ ਸਿੰਘ
ਗੁਰੂ ਨਾਨਕ ਦੇਵ ਯੂਨੀਵਰਸਿਟੀ, ਦੀ ਐਨ.ਐਸ.ਐਸ. ਯੂਨਿਟ ਵੱਲੋਂ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠ, ਯੁਵਾ ਮਾਮਲੇ ਵਿਭਾਗ ਅਤੇ ਖੇਡ ਮੰਤਰਾਲੇ ਵੱਲੋਂ ਮੇਰਾ ਯੁਵਾ ਭਾਰਤ ਪਹਿਲਕਦਮੀ ਤਹਿਤ, ਕੌਮੀ ਖੇਡ ਦਿਵਸ 2026 ਮੌਕੇ “ਖੇਲੋ ਇੰਡੀਆ ਸੰਵਾਦ” ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
“ਖੇਲ ਕੀ ਬਾਤ ਪੀ.ਐਮ. ਕੇ ਸਾਥ” ਥੀਮ ‘ਤੇ ਕੇਂਦਰਿਤ ਇਸ ਪ੍ਰੋਗਰਾਮ ਨੇ ਨੌਜਵਾਨ ਭਾਗੀਦਾਰਾਂ ਨੂੰ ਖੇਡਾਂ, ਫਿਟਨੈਸ ਅਤੇ ਨੌਜਵਾਨਾਂ ਦੀ ਅਗਵਾਈ ਵਾਲੇ ਰਾਸ਼ਟਰ ਨਿਰਮਾਣ ਲਈ ਰਾਸ਼ਟਰੀ ਦ੍ਰਿਸ਼ਟੀਕੋਣ ਨਾਲ ਜੁੜਨ ਲਈ ਇੱਕ ਸਾਰਥਕ ਮੰਚ ਪ੍ਰਦਾਨ ਕੀਤਾ। ਇਸ ਪ੍ਰੋਗਰਾਮ ਵਿੱਚ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਵਰਚੁਅਲ ਸੰਬੋਧਨ ਤੋਂ ਬਾਅਦ ਯੂਨੀਵਰਸਿਟੀ ਪੱਧਰ ‘ਤੇ ਵਿਚਾਰ-ਵਟਾਂਦਰਾ ਅਤੇ ਸੰਵਾਦ ਕਰਵਾਇਆ ਗਿਆ।
ਡਾ. ਬਲਬੀਰ ਸਿੰਘ, ਐਨ.ਐਸ.ਐਸ. ਕੋਆਰਡੀਨੇਟਰ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਨੇ ਐਨ.ਐਸ.ਐਸ. ਵਲੰਟੀਅਰਾਂ ਅਤੇ ਵਿਦਿਆਰਥੀਆਂ ਨੂੰ ਭਾਰਤ ਦੇ ਖੇਡ ਈਕੋਸਿਸਟਮ ਦੇ ਵਿਕਾਸ, ਪ੍ਰਤਿਭਾ ਵਿਕਾਸ, ਨੌਜਵਾਨਾਂ ਦੀ ਭਾਗੀਦਾਰੀ ਅਤੇ ਵਿਕਸਿਤ ਭਾਰਤ@2047 ਦੇ ਸੁਪਨੇ ਨੂੰ ਅੱਗੇ ਵਧਾਉਣ ਵਿੱਚ ਨੌਜਵਾਨਾਂ ਦੀ ਭੂਮਿਕਾ ‘ਤੇ ਚਰਚਾ ਕਰਨ ਦਾ ਮੌਕਾ ਦਿੱਤਾ। ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਭਾਰਤ ਦੀ ਇੱਕ ਪ੍ਰਮੁੱਖ ਖੇਡ ਰਾਸ਼ਟਰ ਵਜੋਂ ਉੱਭਰਨ ਦੀ ਇੱਛਾ ਅਤੇ 2026 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਦੀ ਇੱਛਾ ਨੂੰ ਵੀ ਉਜਾਗਰ ਕੀਤਾ ਗਿਆ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ ਦੀ ਸੁਚੱਜੀ ਅਗਵਾਈ ਹੇਠ ਯੂਨੀਵਰਸਿਟੀ ਲਗਾਤਾਰ ਵਿਕਾਸ ਦੀਆਂ ਪੈੜਾਂ ਤੈਅ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਯੂਨੀਵਰਸਿਟੀ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਦੀ ਰਹੇਗੀ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੇਡਾਂ ਡਾ. ਕੰਵਰ ਮਨਦੀਪ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੰਬੋਧਨ ਕਰਦਿਆਂ ਉਨ੍ਹਾਂ ਨੇ ਨੌਜਵਾਨਾਂ ਵਿੱਚ ਅਨੁਸ਼ਾਸਨ, ਅਗਵਾਈ, ਟੀਮ ਭਾਵਨਾ ਅਤੇ ਦ੍ਰਿੜਤਾ ਪੈਦਾ ਕਰਨ ਵਿੱਚ ਖੇਡਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਇੱਕ ਤੰਦਰੁਸਤ, ਸਿਹਤਮੰਦ ਅਤੇ ਮਜ਼ਬੂਤ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਅੰਤਰਰਾਸ਼ਟਰੀ ਖਿਡਾਰੀ ਅਤੇ ਯੂਨੀਵਰਸਿਟੀ ਦੀ ਫੈਂਸਿੰਗ ਕੋਚ ਸ੍ਰੀਮਤੀ ਜਗਮੀਤ ਕੌਰ ਅਤੇ ਕੌਮੀ ਮੁੱਕੇਬਾਜ਼ ਸ੍ਰੀ ਨਵਰੂਪ ਸਿੰਘ ਨੂੰ ਖੇਡ ਖੇਤਰ ਵਿਚ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।
ਡਾ. ਬਲਜੀਤ ਕੌਰ ਰਿਆੜ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।। ਡਾ. ਹਰਕਿਰਨਦੀਪ ਕੌਰ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਡਾ. ਵਿਕਰਮ ਸਿੰਘ ਸੰਧੂ, ਡਾਇਰੈਕਟਰ ਹੌਸਪਿਟੈਲਿਟੀ, ਆਦਿਤਿਆ ਪਰਿਹਾਰ, ਡਾ. ਗੌਰਵ ਦੂਰੇਜਾ ਅਤੇ ਐਨ.ਐਸ.ਐਸ. ਵਲੰਟੀਅਰ ਵੱਡੀ ਗਿਣਤੀ ਵਿਚ ਹਾਜ਼ਰ ਸਨ।