ਡੀ ਏ ਅਤੇ ਅਮਨ ਕਾਨੂੰਨ ਦੇ ਮੁੱਦੇ ਤੇ ਕਾਂਗਰਸ ਨੇ ਘੇਰੀ ਸਰਕਾਰ
ਧਰਮਵੀਰ ਗਾਂਧੀ ਦਾ ‘ਆਪ’ ਸਰਕਾਰ ’ਤੇ ਵੱਡਾ ਹਮਲਾ, ਕਿਹਾ- 2027 ’ਚ ਪੰਜਾਬ ਦੀ ਜਨਤਾ ਸਿਖਾਏਗੀ ਸਬਕ
.
ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਇਸ ਨੂੰ ‘ਧੋਖੇਬਾਜ਼ ਅਤੇ ਫਰਾਡ ਪਾਰਟੀ’ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵੱਡੇ-ਵੱਡੇ ਵਾਅਦਿਆਂ ਅਤੇ ਦਾਅਵਿਆਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।
ਪੁਰਾਣੀ ਪੈਨਸ਼ਨ ਸਕੀਮ ਦੇ ਮੁੱਦੇ ’ਤੇ ਡਾ. ਗਾਂਧੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਪਰ ਇਸ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਵੱਲ ਗੰਭੀਰਤਾ ਨਹੀਂ ਦਿਖਾਈ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਦੌਰਾਨ ਵੀ ਇਸ ਮੁੱਦੇ ਨੂੰ ਸਿਆਸੀ ਪ੍ਰਚਾਰ ਲਈ ਵਰਤਿਆ ਗਿਆ।
ਡਾ. ਗਾਂਧੀ ਨੇ ਪੰਜਾਬ ਵਿੱਚ ਨਸ਼ਿਆਂ, ਕਿਸਾਨਾਂ ਦੇ ਮੁੱਦਿਆਂ, ਕਾਨੂੰਨ-ਵਿਵਸਥਾ ਅਤੇ ਵੱਖ-ਵੱਖ ਵਰਗਾਂ ਵੱਲੋਂ ਕੀਤੇ ਜਾ ਰਹੇ ਧਰਨਿਆਂ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਪੁਲਿਸ ਕਾਰਵਾਈ ’ਤੇ ਸਵਾਲ ਚੁੱਕਦਿਆਂ ਮਨੁੱਖੀ ਅਤੇ ਜਮਹੂਰੀ ਅਧਿਕਾਰਾਂ ਦੀ ਗੱਲ ਕੀਤੀ।
ਉਨ੍ਹਾਂ ਪੰਜਾਬ ਦੇ ਵਧ ਰਹੇ ਕਰਜ਼ੇ ਨੂੰ ਲੈ ਕੇ ਵੀ ਸਰਕਾਰ ਦੀ ਆਰਥਿਕ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ। ਡਾ. ਗਾਂਧੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਮਝ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਇਸ ਸਰਕਾਰ ਨੂੰ ਸਬਕ ਸਿਖਾਏਗੀ।