ਨਸ਼ਿਆਂ ਵਿਰੁੱਧ ਜਿਲ੍ਹਾ ਪ੍ਰਸ਼ਾਸਨ ਦੀ ਵੱਡੀ ਪਹਿਲ, ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਪੁਲਿਸ ਮੁਖੀ ਵੱਲੋਂ ਪਿੰਡਾਂ ‘ਚ ਲੋਕਾਂ ਨਾਲ ਮੀਟਿੰਗਾਂ
ਨਸ਼ਿਆਂ ਵਿਰੁੱਧ ਜਿਲ੍ਹਾ ਪ੍ਰਸ਼ਾਸਨ ਦੀ ਵੱਡੀ ਪਹਿਲ, ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਪੁਲਿਸ ਮੁਖੀ ਵੱਲੋਂ ਪਿੰਡਾਂ ‘ਚ ਲੋਕਾਂ ਨਾਲ ਮੀਟਿੰਗਾਂ
ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ੇ ਨੂੰ ਕੀਤਾ ਜਾ ਸਕਦਾ ਹੈ ਖਤਮ : ਡਿਪਟੀ ਕਮਿਸ਼ਨਰ
ਨਸ਼ੇ ਸੰਬੰਧੀ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਰੱਖੀ ਜਾਂਦੀ ਹੈ ਗੁਪਤ : ਜਿਲ੍ਹਾ ਪੁਲਿਸ ਮੁਖੀ
ਬਠਿੰਡਾ, 22 ਅਕਤੂਬਰ ( ਮਨੋਜ ਚਰਖੀਵਾਲ )
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਤੇਜ਼ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ‘ਤੇ ਜਾਗਰੂਕਤਾ ਮੀਟਿੰਗਾਂ ਤਹਿਤ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੁਹੇਲ ਕਾਸਿਮ ਮੀਰ ਵੱਲੋਂ ਜਿਲ੍ਹੇ ਦੇ ਪਿੰਡ ਭੋਖੜਾ ਅਤੇ ਜੀਦਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕੀਤੀ ਗਈ।
ਮੀਟਿੰਗਾਂ ਦੌਰਾਨ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣਾ ਹੈ ਅਤੇ ਇਹ ਟੀਚਾ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਹੋ ਸਕਦਾ। M ਓਹਨਾ ਨੇ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਜੋ ਪੂਰੇ ਪਰਿਵਾਰ ਨੂੰ ਤਬਾਹ ਕਰ ਦਿੰਦੀ ਹੈ, ਇਸ ਲਈ ਹਰ ਪਿੰਡ ਵਿੱਚ ਡਿਫੈਂਸ ਕਮੇਟੀਆਂ ਨੂੰ ਹੋਰ ਸਰਗਰਮ ਕੀਤਾ ਜਾਵੇਗਾ।
ਉਹਨਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਅਤੇ ਹੁਨਰ ਵਿਕਾਸ ਵੱਲ ਧਿਆਨ ਦੇਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਚ ਖੇਡਾਂ ਦੀਆਂ ਟੀਮਾਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਆਪਸ ਵਿਚ ਮੁਕਾਬਲੇ ਕਰਵਾਏ ਜਾਣਗੇ।
ਇਸ ਮੌਕੇ ਤੇ ਜਿਲ੍ਹਾ ਪੁਲਿਸ ਮੁਖੀ ਸੁਹੇਲ ਕਾਸਿਮ ਮੀਰ ਨੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਆਪਣੇ ਪਿੰਡ ਜਾਂ ਆਲੇ-ਦੁਆਲੇ ਨਸ਼ਾ ਵਿਕਣ ਦੀ ਸੂਚਨਾ ਮਿਲਦੀ ਹੈ ਤਾਂ ਉਹ ਬੇਝਿਜਕ ਪੁਲਿਸ ਹੈਲਪਲਾਈਨ 112 ਜਾਂ ਐਂਟੀ-ਡਰੱਗ ਹੈਲਪਲਾਈਨ ਨੰਬਰ ‘ਤੇ ਸੂਚਨਾ ਦੇ ਸਕਦਾ ਹੈ, ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਉਹਨਾ ਨੇ ਅੱਗੇ ਦੱਸਿਆ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫ਼ਤ ਇਲਾਜ, ਕਾਉਂਸਲਿੰਗ ਕੀਤੀ ਜਾਂਦੀ ਹੈ। ਪਿੰਡ ਵਾਸੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਪਹਿਲਕਦਮੀ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚ-ਸਰਪੰਚ ਅਤੇ ਨੰਬਰਦਾਰ ਅਤੇ ਸਕੂਲੀ ਬੱਚੇ ਆਦਿ ਹਾਜ਼ਰ ਸਨ।