ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਐਸ.ਡੀ.ਐਮ. ਕੋਟਕਪੂਰਾ ਵੱਲੋਂ ਸਮੀਖਿਆ ਮੀਟਿੰਗ
ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਐਸ.ਡੀ.ਐਮ. ਕੋਟਕਪੂਰਾ ਵੱਲੋਂ ਸਮੀਖਿਆ ਮੀਟਿੰਗ
ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਐਸ.ਡੀ.ਐਮ. ਕੋਟਕਪੂਰਾ ਵੱਲੋਂ ਸਮੀਖਿਆ ਮੀਟਿੰਗ
ਵੱਖ-ਵੱਖ ਵਿਭਾਗਾਂ ਨੂੰ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਚੱਲ ਰਹੀਆਂ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਅਗਲੀ ਕਾਰਵਾਈ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਉਪ ਮੰਡਲ ਮੈਜਿਸਟ੍ਰੇਟ ਕੋਟਕਪੂਰਾ ਸ੍ਰੀ ਰਜਿੰਦਰ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਜਾਗਰੂਕਤਾ ਗਤੀਵਿਧੀਆਂ, ਨਸ਼ਿਆਂ ਦੀ ਸਪਲਾਈ ਤੇ ਰੋਕ ਲਗਾਉਣ, ਨਸ਼ਾ ਪੀੜਤਾਂ ਦੀ ਸਹਾਇਤਾ ਅਤੇ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਐਸ.ਡੀ.ਐਮ. ਸ. ਰਜਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਅਤੇ ਆਪੋ-ਆਪਣੇ ਵਿਭਾਗ ਨਾਲ ਸਬੰਧਤ ਕਾਰਜਾਂ ਨੂੰ ਤੈਅ ਯੋਜਨਾ ਅਨੁਸਾਰ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਧਿਆਨ ਦੇਣ, ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ, ਸਿਹਤ, ਸਿੱਖਿਆ ਅਤੇ ਹੋਰ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਸਬੰਧੀ ਮਿਲਣ ਵਾਲੀਆਂ ਸੂਚਨਾਵਾਂ ਤੇ ਨਿਯਮਾਂ ਅਨੁਸਾਰ ਢੁੱਕਵੀਂ ਕਾਰਵਾਈ ਕੀਤੀ ਜਾਵੇ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਨਿਗਰਾਨੀ ਰੱਖੀ ਜਾਵੇ, ਤਾਂ ਜੋ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪੋ-ਆਪਣੇ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਨਿਯਮਤ ਸਮੀਖਿਆ ਕੀਤੀ ਜਾਵੇ ਅਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ, ਸਮਾਜਿਕ ਸੰਸਥਾਵਾਂ ਅਤੇ ਯੂਥ ਕਲੱਬਾਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ।
ਇਸ ਮੌਕੇ ਤਹਿਸੀਲਦਾਰ ਸ. ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ, ਐਸ.ਐਮ.ਓ ਹਰਿੰਦਰ ਗਾਂਧੀ, ਐਸ.ਐਚ.ਓ ਸਿੰਕਦਰ ਸਿੰਘ,ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪਵਨ ਕੁਮਾਰ, ਈ.ਓ ਨਗਰ ਕੌਂਸਲ ਅੰਮ੍ਰਿਤ ਲਾਲ, ਮਨਪ੍ਰੀਤ ਕੌਰ ਖੇਡ ਵਿਭਾਗ, ਨੀਤੂ ਕਪੂਰ ਰੁਜਗਾਰ ਵਿਭਾਗ, ਡਾ. ਪੁਖਰਾਜ ਕੌਰ, ਉਦੈ ਰਣਦੇਵ ਸਮਾਜ ਸੇਵੀ, ਹਰਪ੍ਰੀਤ ਸਿੰਘ ਸਮਾਜ ਸੇਵੀ ਤੋਂ ਇਲਾਵਾ ਹੋਰ ਹਾਜ਼ਰ ਸਨ।