ਪਟਿਆਲਾ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ
Writing
ਪਟਿਆਲਾ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੂਰੇ ਪੰਜਾਬ ਵਿੱਚ ਦਿੱਤੇ ਗਏ ਬੰਦ ਦੇ ਸੱਦੇ ਨੂੰ ਪਟਿਆਲਾ ਵਿੱਚ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਵਿੱਚ ਬੰਦ ਪੂਰੀ ਤਰ੍ਹਾਂ ਅਮਨ-ਅਮਾਨ ਨਾਲ ਸੰਪੰਨ ਹੋ ਗਿਆ।
ਇਸ ਮੌਕੇ ਕੌਮੀ ਇਨਸਾਫ ਮੋਰਚੇ ਨਾਲ ਜੁੜੀਆਂ ਵੱਖ-ਵੱਖ ਧਿਰਾਂ ਵੱਲੋਂ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਲੋਕਾਂ ਨੂੰ ਖੁੱਲ੍ਹੇ ਪਏ ਕਾਰੋਬਾਰੀ ਅਦਾਰੇ ਬੰਦ ਕਰਨ ਦੀ ਅਪੀਲ ਕੀਤੀ। ਇਸ ਤੋਂ ਬਾਅਦ ਨਵੇਂ ਬੱਸ ਸਟੈਂਡ ਵਿਖੇ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਉਪਰੰਤ ਖੰਡਾ ਚੌਂਕ ਵਿਖੇ ਪ੍ਰਦਰਸ਼ਨ ਦੀ ਸਮਾਪਤੀ ਕੀਤੀ ਗਈ।
ਐਸਪੀ ਸਿਟੀ ਮੋਹਿਤ ਅਗਰਵਾਲ ਨੇ ਦੱਸਿਆ ਕਿ ਬੰਦ ਦੇ ਮੱਦੇਨਜ਼ਰ ਪੂਰੇ ਸ਼ਹਿਰ ਵਿੱਚ ਪੁਲਿਸ ਫੋਰਸ ਨੂੰ ਬਕਾਇਦਾ ਬਿਉਂਤਬੰਦੀ ਦੇ ਨਾਲ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬੰਦ ਦੌਰਾਨ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਰਕਰਾਰ ਰਹੀ।
ਦੂਜੇ ਪਾਸੇ ਕੌਮੀ ਇਨਸਾਫ ਮੋਰਚੇ ਨਾਲ ਜੁੜੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਭਾਈ ਮਹਿੰਦਰ ਪਾਲ ਸਿੰਘ ਨੇ ਸਰਕਾਰ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਦੇਸ਼ ਵਿੱਚ ਇੱਕੋ ਜਿਹੇ ਮਾਮਲਿਆਂ ਵਿੱਚ ਵੱਖ-ਵੱਖ ਕਾਨੂੰਨ ਕਿਉਂ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਮਾਮਲੇ ਵਿੱਚ ਦੋਸ਼ੀਆਂ ਨੂੰ ਪੈਰੋਲ ਮਿਲ ਸਕਦੀ ਹੈ ਤਾਂ ਭਾਈ ਜਗਤਾਰ ਸਿੰਘ ਹਵਾਰਾ ਦੇ ਮਾਮਲੇ ਵਿੱਚ ਭੇਦਭਾਵ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦੀ ਗੱਲ ਕਹੀ।