ਪਰਾਲੀ ਪ੍ਰਬੰਧਨ ਲਈ ਪੱਬਾਂ ਭਾਰ ਹੋਇਆ ਜ਼ਿਲ੍ਹਾ ਪ੍ਰਸ਼ਾਸਨ, ਪਿੰਡ-ਪਿੰਡ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ

📍 स्थान / Location: Bathinda 🗂️ विषय / Category: पंजाब / Punjab 📹 Full Video / पूरा वीडियो 📅 November 1, 2026

ਪਰਾਲੀ ਪ੍ਰਬੰਧਨ ਲਈ ਪੱਬਾਂ ਭਾਰ ਹੋਇਆ ਜ਼ਿਲ੍ਹਾ ਪ੍ਰਸ਼ਾਸਨ, ਪਿੰਡ-ਪਿੰਡ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਐੱਸ.ਡੀ.ਐੱਮ. ਅਮਨਦੀਪ ਸਿੰਘ ਮਾਵੀ ਨੇ ਸੰਗਤ ਵਿਖੇ ਪਰਾਲੀ ਡੰਪ ਅਤੇ ਨੰਦਗੜ੍ਹ ਵਿਖੇ ਬੇਲਰ ਮਸ਼ੀਨ ਰਾਹੀਂ ਗੱਠਾਂ ਬਣਾਉਣ ਦੇ ਕੰਮ ਦਾ ਲਿਆ ਜਾਇਜ਼ਾ

ਬਠਿੰਡਾ 01 ਨਵੰਬਰ (ਮਨੋਜ ਚਰਖੀਵਾਲ)

ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਬਠਿੰਡਾ ਪੁਲਿਸ ਵੱਲੋਂ ਵੀ ਪਿੰਡਾਂ ਵਿੱਚ ਹੂਟਰ ਵਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਸੁਚੇਤ ਕੀਤਾ ਜਾ ਰਿਹਾ ਹੈ।

ਇਸ ਮੁਹਿੰਮ ਤਹਿਤ ਪਿੰਡ ਜੰਗੀਰਾਣਾ ਅਤੇ ਸਰਕਲ ਹਰਰਾਏਪੁਰ ਦੇ ਪਿੰਡ ਜੰਡਾਵਾਲਾ ਵਿਖੇ ਪਰਾਲੀ ਪ੍ਰਬੰਧਨ, ਹਾੜ੍ਹੀ ਦੀਆਂ ਫ਼ਸਲਾਂ ਅਤੇ ਫਾਰਮਰ ਰਜਿਸਟਰੀ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਕਿਸਾਨਾਂ ਨੂੰ ਸਰਕਾਰ ਵੱਲੋਂ ਉਪਲਬਧ ਕਰਵਾਈ ਜਾਂਦੀ ਖੇਤੀਬਾੜੀ ਮਸ਼ੀਨਰੀ, ਹੈਪੀ ਸੀਡਰ ਰਾਹੀਂ ਪਰਾਲੀ ਵਿੱਚ ਕਣਕ ਦੀ ਸਿੱਧੀ ਬਿਜਾਈ ਅਤੇ ਪਰਾਲੀ ਦੇ ਯੋਗ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ।

ਪਰਾਲੀ ਪ੍ਰਬੰਧਨ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਐੱਸ.ਡੀ.ਐੱਮ. ਬਠਿੰਡਾ ਅਮਨਦੀਪ ਸਿੰਘ ਮਾਵੀ ਵੱਲੋਂ ਸੰਗਤ ਵਿਖੇ ਪਰਾਲੀ ਡੰਪ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਰਾਲੀ ਦੀ ਚੁਕਾਈ ਅਤੇ ਸਟੋਰੇਜ ਸਬੰਧੀ ਪ੍ਰਬੰਧਾਂ ਦਾ ਨਿਰੀਖਣ ਕੀਤਾ। ਮੌਕੇ ‘ਤੇ ਡੰਪ ਵਿਖੇ ਕੰਮ ਸੁਚੱਜੇ ਢੰਗ ਨਾਲ ਚੱਲਦਾ ਪਾਇਆ ਗਿਆ ਅਤੇ ਖੇਤਾਂ ਵਿੱਚੋਂ ਪਰਾਲੀ ਦੀ ਚੁਕਾਈ ਵੀ ਸਹੀ ਢੰਗ ਨਾਲ ਕੀਤੀ ਜਾ ਰਹੀ ਸੀ।

ਇਸ ਉਪਰੰਤ ਉਨ੍ਹਾ ਨੇ ਪਿੰਡ ਨੰਦਗੜ੍ਹ ਵਿਖੇ ਕਿਸਾਨ ਦੇ ਖੇਤ ਵਿੱਚ ਬੇਲਰ ਮਸ਼ੀਨ ਰਾਹੀਂ ਪਰਾਲੀ ਦੀਆਂ ਗੱਠਾਂ ਬਣਾਉਣ ਦੇ ਕੰਮ ਦਾ ਨਿਰੀਖਣ ਕੀਤਾ। ਇਸ ਮੌਕੇ ਕੰਮ ਸੁਚੱਜੇ ਢੰਗ ਨਾਲ ਚੱਲਦਾ ਪਾਇਆ ਗਿਆ। ਪਿੰਡ ਵਿੱਚ ਕਿਸਾਨਾਂ ਲਈ ਜਾਗਰੂਕਤਾ ਕੈਂਪ ਵੀ ਲਗਾਇਆ ਗਿਆ, ਜਿਸ ਦੌਰਾਨ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਅਤੇ ਸਿਹਤ ਸਬੰਧੀ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ।

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਉਪਲਬਧ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰੱਖੀ ਜਾ ਸਕਦੀ ਹੈ।

ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਹਰਜਸਪਾਲ ਸ਼ਰਮਾ, ਡਾ. ਦਵਿੰਦਰ ਸਿੰਘ ਅਤੇ ਡਾ. ਮਨੋਜ ਕੁਮਾਰ, ਖੇਤੀਬਾੜੀ ਵਿਕਾਸ ਅਫ਼ਸਰ ਦਿਲਪ੍ਰੀਤ ਸਿੰਘ, ਡਾ. ਅਮਨਦੀਪ ਸਿੰਘ, ਡਾ. ਕੁਲਭੂਸ਼ਣ ਅਤੇ ਡਾ. ਰਮਨਦੀਪ ਕੌਰ ਤੋਂ ਇਲਾਵਾ ਖੇਤੀਬਾੜੀ ਉਪ ਨਿਰੀਖਕ ਗੁਰਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Scroll to Top