ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਮੁਹਿੰਮ ਤੇਜ਼*

📍 स्थान / Location: Amritsar 🗂️ विषय / Category: पंजाब / Punjab 📹 Full Video / पूरा वीडियो 📅 October 15, 2026 🌐 GPS: Amritsar

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਮੁਹਿੰਮ ਤੇਜ਼*

*ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਮੁਹਿੰਮ ਤੇਜ਼*

-ਕਿਸਾਨ ਬੇਲਰ ਤੇ ਹੋਰ ਮਸ਼ੀਨਰੀ ਨਾਲ ਕਰਨ ਪਰਾਲੀ ਦਾ ਪ੍ਰਬੰਧਨ – ਐੱਸ.ਡੀ.ਐੱਮ

ਖਡੂਰ ਸਾਹਿਬ/ਤਰਨ ਤਾਰਨ, 14 ਅਕਤੂਬਰ:

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਜ਼ਿਲ੍ਹਾ ਤਰਨ ਤਾਰਨ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਖ਼ਤ ਰਵੱਈਆ ਅਪਣਾਉਂਦਿਆਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉੱਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਬੇਲਰ ਅਤੇ ਹੋਰ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ।

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਪਰਾਲੀ ਸਾੜਨ ਵਾਲਿਆਂ ਵਿਰੁੱਧ ਨਿਗਰਾਨੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰ ਰਹੀਆਂ ਹਨ।

ਸੰਜੀਵ ਸ਼ਰਮਾ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ ਅਤੇ ਇਸ ਦਾ ਮਾੜਾ ਅਸਰ ਮਨੁੱਖੀ ਸਿਹਤ, ਪਸ਼ੂ-ਪੰਛੀਆਂ ਅਤੇ ਵਾਤਾਵਰਨ ’ਤੇ ਪੈਂਦਾ ਹੈ। ਇਸ ਤੋਂ ਇਲਾਵਾ ਅੱਗ ਨਾਲ ਮਿੱਟੀ ਦੇ ਲਾਭਦਾਇਕ ਸੂਖਮ ਜੀਵਾਂ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਲਈ ਕਿਸਾਨ ਪਰਾਲੀ ਨੂੰ ਖੇਤ ਵਿੱਚ ਵਾਹੁਣ, ਮਲਚਿੰਗ ਕਰਨ ਜਾਂ ਬੇਲਰ ਰਾਹੀਂ ਗੱਠਾਂ ਬਣਾਉਣ ਵਰਗੇ ਉਪਲਬਧ ਅਤੇ ਢੁਕਵੇਂ ਤਰੀਕੇ ਅਪਣਾਉਣ।

ਉਨ੍ਹਾਂ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਵਾਤਾਵਰਨ ਦੀ ਸੁਰੱਖਿਆ ਅਤੇ ਪਰਾਲੀ ਸਾੜਨ ਨੂੰ ਰੋਕਣ ਸਬੰਧੀ ਕਾਨੂੰਨੀ ਪ੍ਰਬੰਧਾਂ ਅਤੇ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਇਸੇ ਤਰ੍ਹਾਂ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ, ਭਾਵ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ, ਵੱਲੋਂ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ, ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਨਿਪਟਾਰਾ ਕਰਨ ਅਤੇ ਹਵਾ ਪ੍ਰਦੂਸ਼ਣ ਘਟਾਉਣ ਲਈ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ’ਤੇ ਜ਼ੋਰ ਦਿੱਤਾ ਗਿਆ ਹੈ।

ਖੇਤੀਬਾੜੀ ਵਿਭਾਗ ਦੇ ਕਲੱਸਟਰ ਅਫ਼ਸਰ ਡਾ. ਯਾਦਵਿੰਦਰ ਸਿੰਘ ਅਤੇ ਡਾ. ਰੁਪਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਆਪਣੇ ਪਿੰਡ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਅਤੇ ਉਪਲਬੱਧ ਮਸ਼ੀਨਰੀ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਾਂਭ-ਸੰਭਾਲ ਲਈ ਬੇਲਰ ਅਤੇ ਹੋਰ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਲੋੜ ਨਹੀਂ ਰਹਿੰਦੀ ਅਤੇ ਇਸ ਨੂੰ ਹੋਰ ਲਾਭਕਾਰੀ ਕੰਮਾਂ ਲਈ ਵੀ ਵਰਤਿਆ ਜਾ ਸਕਦਾ ਹੈ।

ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ।

ਫੋਟੋ ਕੈਪਸ਼ਨ :
-ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਮੀਟਿੰਗ ਕਰਦੇ ਹੋਏ ਉੱਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ।

Scroll to Top