ਪਰਾਲੀ ਸਾੜਨ ਵਿਰੁੱਧ ਪ੍ਰਸ਼ਾਸਨ ਸਖ਼ਤ, ਨੋਡਲ ਤੇ ਕਲੱਸਟਰ ਅਧਿਕਾਰੀਆਂ ਨੂੰ ਸਰਗਰਮ ਰਹਿਣ ਦੇ ਨਿਰਦੇਸ਼*

🗂️ विषय / Category: पंजाब / Punjab 📹 Full Video / पूरा वीडियो 📅 October 26, 2026 🌐 GPS: Amritsar

*ਪਰਾਲੀ ਸਾੜਨ ਵਿਰੁੱਧ ਪ੍ਰਸ਼ਾਸਨ ਸਖ਼ਤ, ਨੋਡਲ ਤੇ ਕਲੱਸਟਰ ਅਧਿਕਾਰੀਆਂ ਨੂੰ ਸਰਗਰਮ ਰਹਿਣ ਦੇ ਨਿਰਦੇਸ਼*

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਯਕੀਨੀ ਬਣਾਉਣ ਲਈ ਉਪ ਮੰਡਲ ਖਡੂਰ ਸਾਹਿਬ ਵਿਖੇ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਉੱਪ ਮੰਡਲ ਮੈਜਿਸਟ੍ਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਵੱਲੋਂ ਨੋਡਲ ਅਤੇ ਕਲੱਸਟਰ ਅਧਿਕਾਰੀਆਂ ਦੀ ਇਕ ਜ਼ਰੂਰੀ ਮੀਟਿੰਗ ਕੀਤੀ ਗਈ ਹੈ, ਜਿਸ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਅਤੇ ਅਗਲੀ ਕਾਰਵਾਈ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਉੱਪ ਮੰਡਲ ਮਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਨੇ ਹਦਾਇਤ ਕੀਤੀ ਕਿ ਅਧਿਕਾਰੀ/ਕਰਮਚਾਰੀ ਆਪਣੇ-ਆਪਣੇ ਨਿਰਧਾਰਤ ਪਿੰਡਾਂ ਵਿੱਚ ਲਗਾਤਾਰ ਨਿਗਰਾਨੀ ਰੱਖਣ, ਕਿਸਾਨਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਅਤੇ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਬਾਰੇ ਜਾਣਕਾਰੀ ਦੇਣ ’ਤੇ ਜ਼ੋਰ ਦਿੱਤਾ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦਾ ਮੁੱਖ ਉਦੇਸ਼ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣਾ, ਹਵਾ ਦੇ ਪ੍ਰਦੂਸ਼ਣ ਨੂੰ ਘਟਾਉਣਾ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਤੇ ਵਾਤਾਵਰਨ ਦੀ ਰੱਖਿਆ ਕਰਨਾ ਹੈ। ਇਸ ਲਈ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਆਪਣੇ ਖੇਤਰ ਵਿੱਚ ਪੂਰੀ ਚੌਕਸੀ ਰੱਖਣ ਅਤੇ ਕਿਸੇ ਵੀ ਘਟਨਾ ਸਬੰਧੀ ਤੁਰੰਤ ਲੋੜੀਂਦੀ ਕਾਰਵਾਈ ਕਰਨ।

ਡਾ.ਯਾਦਵਿੰਦਰ ਸਿੰਘ ਕਲੱਸਟਰ ਅਫਸਰ ਖਡੂਰ ਸਾਹਿਬ ਨੇ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਜਾਂ ਉਪਲਬਧ ਖੇਤੀ ਮਸ਼ੀਨਰੀ ਦੀ ਸਹਾਇਤਾ ਲੈਣ। ਪਰਾਲੀ ਦੀ ਸੰਭਾਲ ਕਰਨਾ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਹਰ ਕਿਸਾਨ ਅਤੇ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸਪੱਸ਼ਟ ਸੰਦੇਸ਼ ਹੈ ਕਿ ਪਰਾਲੀ ਪ੍ਰਬੰਧਨ ਮੁਹਿੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ ਅਤੇ ਸਾਰੇ ਸਬੰਧਤ ਅਧਿਕਾਰੀ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ।ਇਸ ਮੌਕੇ ਸਬ ਡਿਵੀਜ਼ਨ ਖਡੂਰ ਸਾਹਿਬ ਦੇ ਕਲੱਸਟਰ ਅਤੇ ਨੋਡਲ ਅਫਸਰ ਹਾਜ਼ਰ ਸਨ।

Scroll to Top