ਪਾਇਲ ਦੇ ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ, 40 ਸੈਂਪਲਾਂ ਦੀ ਕੀਤੀ ਜਾਂਚ

📍 स्थान / Location: Ludhiana 🗂️ विषय / Category: पंजाब / Punjab 📹 Full Video / पूरा वीडियो 📅 August 19, 2026

ਡੇਅਰੀ ਵਿਕਾਸ ਵਿਭਾਗ ਵੱਲੋਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਲੁਧਿਆਣਾ ਦੀ ਅਗਵਾਈ ਹੇਠ ਕੈਂਬਰਿਜ ਇੰਟਰਨੈਸ਼ਨਲ ਸਕੂਲ, ਪਾਇਲ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੁੱਧ ਦੀ ਮਹੱਤਤਾ, ਸਿਹਤਮੰਦ ਖੁਰਾਕ ਅਤੇ ਦੁੱਧ ਉਤਪਾਦਾਂ ਦੀ ਸਹੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ ਗਈ।
ਕੈਂਪ ਦੌਰਾਨ ਵਿਦਿਆਰਥੀਆਂ ਨੂੰ ਜੰਕ ਫੂਡ ਅਤੇ ਕੋਲਡ ਡਰਿੰਕਸ ਤੋਂ ਪਰਹੇਜ਼ ਕਰਨ ਦੇ ਨਾਲ-ਨਾਲ ਕੈਰੀਅਰ ਗਾਈਡੈਂਸ ਬਾਰੇ ਵੀ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਲਿਆਂਦੇ ਗਏ 40 ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 25 ਸੈਂਪਲ ਮਿਆਰਾਂ ਅਨੁਸਾਰ ਸਹੀ ਪਾਏ ਗਏ, ਜਦਕਿ 15 ਸੈਂਪਲ ਮਿਆਰਾਂ ਤੋਂ ਘੱਟ ਸਨ। ਹਾਲਾਂਕਿ, ਜਾਂਚ ਕੀਤੇ ਗਏ ਕਿਸੇ ਵੀ ਸੈਂਪਲ ਵਿੱਚ ਕੋਈ ਹਾਨੀਕਾਰਕ ਤੱਤ ਨਹੀਂ ਪਾਇਆ ਗਿਆ।
ਇਸ ਮੌਕੇ ਡੇਅਰੀ ਵਿਕਾਸ ਇੰਸਪੈਕਟਰ ਸੁਖਵਿੰਦਰ ਸਿੰਘ, ਅਗਮਪ੍ਰੀਤ ਕੌਰ, ਅੰਕਿਤ ਕਪੂਰ ਅਤੇ ਅਨੁਰਾਗਦੀਪ ਕੌਰ ਵੱਲੋਂ ਵੱਖ-ਵੱਖ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਦਿਲਪ੍ਰੀਤ ਸਿੰਘ, ਬੀ.ਟੈਕ. ਡੇਅਰੀ ਟੈਕਨੋਲੋਜਿਸਟ, ਵੱਲੋਂ ਵੀ ਵਿਸ਼ੇਸ਼ ਲੈਕਚਰ ਦਿੱਤਾ ਗਿਆ।
ਸਕੂਲ ਦੀ ਪ੍ਰਿੰਸੀਪਲ ਅਨੂੰ ਸ਼ਰਮਾ ਨੇ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪ ਸਮੇਂ ਦੀ ਲੋੜ ਹਨ ਅਤੇ ਇਨ੍ਹਾਂ ਦਾ ਆਯੋਜਨ ਲਗਾਤਾਰ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਸਿਹਤਮੰਦ ਖਾਣ-ਪੀਣ ਅਤੇ ਆਪਣੀ ਸਿਹਤ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੈਰੀਅਰ ਗਾਈਡੈਂਸ ਸਬੰਧੀ ਦਿੱਤੀ ਗਈ ਜਾਣਕਾਰੀ ਵੀ ਵਿਦਿਆਰਥੀਆਂ ਲਈ ਲਾਹੇਵੰਦ ਹੈ।
ਕੈਂਪ ਦੌਰਾਨ ਸਕੂਲ ਇੰਚਾਰਜ ਨੂੰ ਵਿਭਾਗ ਵੱਲੋਂ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਵਿਦਿਆਰਥੀਆਂ ਨੂੰ ਮਿਲਕ ਪਿਓ ਅਤੇ ਮਿਲਕ ਕੇਕ ਦੀ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਤੋਂ ਇਲਾਵਾ ਕੁਇਜ਼ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਗਿਆ।
ਵਿਭਾਗ ਅਨੁਸਾਰ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ੁੱਧ, ਮਿਆਰੀ ਅਤੇ ਸਾਫ਼ ਦੁੱਧ ਦੀ ਵਰਤੋਂ, ਸਿਹਤਮੰਦ ਖੁਰਾਕ ਅਤੇ ਦੁੱਧ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਸੀ।

Scroll to Top