ਪੰਚਾਇਤਾਂ ਦੀ ਮਜ਼ਬੂਤੀ ਨਾਲ ਹੀ ਪਿੰਡਾਂ ਦਾ ਸਰਵਪੱਖੀ ਵਿਕਾਸ ਸੰਭਵ: ਮੁੰਡੀਆਂ

📍 स्थान / Location: Ludhiana 🗂️ विषय / Category: पंजाब / Punjab 📹 Full Video / पूरा वीडियो 📅 September 3, 2026

ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਹਾਊਸਿੰਗ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ। ਉਹ ਗੁਰੂ ਨਾਨਕ ਦੇਵ ਭਵਨ, ਲੁਧਿਆਣਾ ਵਿਖੇ ਸਰਪੰਚਾਂ ਲਈ ਕਰਵਾਈ ਗਈ ਜ਼ਿਲ੍ਹਾ ਪੱਧਰੀ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ।
ਵਰਕਸ਼ਾਪ ਦਾ ਉਦੇਸ਼ ਸਰਪੰਚਾਂ ਨੂੰ ‘ਆਪਣਾ ਸਰੋਤ ਮਾਲੀਆ’ (ਓ.ਆਰ.ਐੱਸ.) ਵਧਾਉਣ ਦੇ ਸਰੋਤਾਂ ਅਤੇ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਨਾਲ ਸਬੰਧਤ ਵੱਖ-ਵੱਖ ਫਲੈਗਸ਼ਿਪ ਸਕੀਮਾਂ ਬਾਰੇ ਵਿਹਾਰਕ ਜਾਣਕਾਰੀ ਦੇਣਾ ਸੀ।
ਮੰਤਰੀ ਮੁੰਡੀਆਂ ਨੇ ਕਿਹਾ ਕਿ ਪੰਚਾਇਤਾਂ ਆਪਣੇ ਸਰੋਤਾਂ ਤੋਂ ਆਮਦਨ ਵਧਾ ਕੇ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਸਰਪੰਚਾਂ ਨੂੰ ਸਰਕਾਰੀ ਯੋਜਨਾਵਾਂ, ਉਨ੍ਹਾਂ ਦੀ ਪ੍ਰਕਿਰਿਆ ਅਤੇ ਪੰਚਾਇਤਾਂ ਦੀ ਭੂਮਿਕਾ ਸਮਝਣ ਵਿੱਚ ਸਹਾਇਤਾ ਕਰਦੀਆਂ ਹਨ।
ਵਰਕਸ਼ਾਪ ਦੌਰਾਨ ਵੱਖ-ਵੱਖ ਫਲੈਗਸ਼ਿਪ ਸਕੀਮਾਂ ਦੇ ਉਦੇਸ਼, ਯੋਗਤਾ, ਲਾਭਪਾਤਰੀਆਂ ਅਤੇ ਲਾਗੂ ਕਰਨ ਦੀ ਪ੍ਰਕਿਰਿਆ ਬਾਰੇ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਗਈ। ਸਰਪੰਚਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।
ਮੁੰਡੀਆਂ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਨੂੰ ਮਜ਼ਬੂਤ, ਆਤਮਨਿਰਭਰ ਅਤੇ ਵਿਕਾਸ ਪੱਖੋਂ ਅਗਾਂਹਵਧੂ ਬਣਾਉਣਾ ਹੈ। ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਹਾਕਮ ਸਿੰਘ ਠੇਕੇਦਾਰ, ਜਗਤਾਰ ਸਿੰਘ ਦਿਆਲਪੁਰਾ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਜਗਰੂਪ ਸਿੰਘ ਸੇਹ ਅਤੇ ਡੀ.ਡੀ.ਪੀ.ਓ. ਹਿਤੇਨ ਕਪਿਲਾ ਸਮੇਤ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਸਰਪੰਚ ਹਾਜ਼ਰ ਸਨ।

Scroll to Top