ਪੰਜਾਬ ਨਸ਼ਿਆਂ ਵਿਰੁੱਧ ਅੰਤਿਮ ਅਤੇ ਫੈਸਲਾਕੁੰਨ ‘ਯੁੱਧ’ ਲੜ ਰਿਹਾ ਹੈ: ਮੁੱਖ ਮੰਤਰੀ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਨੂੰ ਹਰ ਕਾਨੂੰਨੀ ਕਾਰਵਾਈ ਕਰਨ ਦੀ ਪੂਰੀ ਆਜ਼ਾਦੀ: ਭਗਵੰਤ ਮਾਨ
ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੇਂ ਮੁਲਾਜ਼ਮ ਭਰਤੀ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨਸ਼ਿਆਂ ਵਿਰੁੱਧ ਅੰਤਿਮ ਅਤੇ ਫੈਸਲਾਕੁੰਨ ‘ਯੁੱਧ’ ਲੜ ਰਿਹਾ ਹੈ: ਮੁੱਖ ਮੰਤਰੀ
ਨਸ਼ਿਆਂ ਦੇ ਖਾਤਮੇ ਲਈ ਪੁਲਿਸ ਨੂੰ ਹਰ ਕਾਨੂੰਨੀ ਕਾਰਵਾਈ ਕਰਨ ਦੀ ਪੂਰੀ ਆਜ਼ਾਦੀ: ਭਗਵੰਤ ਮਾਨ
ਚੰਡੀਗੜ੍ਹ, 3 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਪੁਲਿਸ ਵਿੱਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ 10,000 ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਨਸ਼ਿਆਂ ਵਿਰੁੱਧ ਅੰਤਿਮ ਅਤੇ ਫੈਸਲਾਕੁੰਨ ‘ਯੁੱਧ ਨਸ਼ਿਆਂ ਵਿਰੁੱਧ’ ਲੜ ਰਿਹਾ ਹੈ।
ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ, ਫਿਲੌਰ ਵਿਖੇ ਪਹਿਲੀ ਵਾਰ ਕਰਵਾਈ ਗਈ ‘ਐਸਐਚਓ ਮਿਲਣੀ’ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲਿਸ ਅਧਿਕਾਰੀਆਂ ਦੇ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਨੂੰ ਹਰ ਜਾਇਜ਼ ਅਤੇ ਕਾਨੂੰਨੀ ਕਾਰਵਾਈ ਕਰਨ ਦੀ ਪੂਰੀ ਆਜ਼ਾਦੀ ਦਿੱਤੀ ਗਈ ਹੈ।
ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਨੂੰ ਨਾਲ ਜੋੜਨ ਅਤੇ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਹੁਣ ਪੂਰੇ ਪੰਜਾਬ ਵਿੱਚ ਇੱਕ ਵੱਡੀ ਜਨ-ਜਾਗਰੂਕਤਾ ਲਹਿਰ ਬਣ ਚੁੱਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਜਲਦ ਹੀ 450 ਏਐਸਆਈ ਅਤੇ 3,400 ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾ ਰਹੀ ਹੈ, ਜਦਕਿ ਆਉਣ ਵਾਲੇ ਵਿੱਤੀ ਸਾਲ ਵਿੱਚ ਹੋਰ 10,000 ਪੁਲਿਸ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀ ਭਰਤੀ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ।
ਐਸਐਚਓ ਪੁਲਿਸਿੰਗ ਦੀ ਜ਼ਮੀਨੀ ਪੱਧਰ ’ਤੇ ਸਭ ਤੋਂ ਅਹਿਮ ਕੜੀ: ਭਗਵੰਤ ਮਾਨ
ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਹਿਲ ਹੈ, ਜਿਸ ਤਹਿਤ ਉਹ ਖੁਦ ਡੀਜੀਪੀ ਤੋਂ ਲੈ ਕੇ ਐਸਐਚਓ ਪੱਧਰ ਤੱਕ ਦੇ ਅਧਿਕਾਰੀਆਂ ਨਾਲ ਸਿੱਧੀ ਗੱਲਬਾਤ ਕਰ ਰਹੇ ਹਨ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਕੰਮਕਾਜ ਦੀਆਂ ਸਥਿਤੀਆਂ ਨੂੰ ਸਮਝਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਐਸਐਚਓ ’ਤੇ ਵੱਡੀ ਜ਼ਿੰਮੇਵਾਰੀ ਹੁੰਦੀ ਹੈ ਕਿਉਂਕਿ ਉਹ ਜ਼ਮੀਨੀ ਪੱਧਰ ’ਤੇ ਪੁਲਿਸ ਦਾ ਚਿਹਰਾ ਹੁੰਦਾ ਹੈ। ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਥਾਣੇ ਆਉਂਦੇ ਹਨ ਅਤੇ ਉਨ੍ਹਾਂ ਨੂੰ ਇਨਸਾਫ਼, ਸੁਰੱਖਿਆ ਅਤੇ ਤੁਰੰਤ ਕਾਰਵਾਈ ਦੀ ਉਮੀਦ ਹੁੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੁਲਿਸ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਦਬਾਅ ਨੂੰ ਸਮਝਦੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਮਨੁੱਖੀ ਪਹੁੰਚ ਅਪਣਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਤੋਂ ਪੇਸ਼ੇਵਰਾਨਾ ਰਵੱਈਏ, ਇਮਾਨਦਾਰੀ ਅਤੇ ਜਵਾਬਦੇਹੀ ਦੀ ਉਮੀਦ ਕੀਤੀ ਜਾਂਦੀ ਹੈ।
ਲੋਕਾਂ ਵੱਲੋਂ ਮਿਲ ਰਹੀ ਜਾਣਕਾਰੀ ’ਤੇ ਤੁਰੰਤ ਕਾਰਵਾਈ ਕਰੋ
ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਲੋਕ ਪੁਲਿਸ ਨੂੰ ਜਾਣਕਾਰੀਆਂ ਦੇ ਰਹੇ ਹਨ ਅਤੇ ਸਹਿਯੋਗ ਕਰ ਰਹੇ ਹਨ ਪਰ ਜਦੋਂ ਪੁਲਿਸ ਤੱਕ ਕੋਈ ਜਾਣਕਾਰੀ ਪਹੁੰਚ ਜਾਂਦੀ ਹੈ ਤਾਂ ਉਸ ’ਤੇ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨਾ ਪੁਲਿਸ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਐਸਐਚਓਜ਼ ਨੂੰ ਕਿਹਾ ਕਿ ਹਰ ਸ਼ਿਕਾਇਤ ਅਤੇ ਕਾਰਵਾਈਯੋਗ ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਪੇਸ਼ੇਵਰ ਢੰਗ ਨਾਲ ਕਾਰਵਾਈ ਕੀਤੀ ਜਾਵੇ।
ਆਧੁਨਿਕ ਤਕਨੀਕ ਨਾਲ ਮਜ਼ਬੂਤ ਹੋਵੇਗੀ ਪੰਜਾਬ ਪੁਲਿਸ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ ਸੀਸੀਟੀਵੀ ਕੈਮਰੇ, ਐਂਟੀ-ਡਰੋਨ ਸਿਸਟਮ, ਆਧੁਨਿਕ ਵਾਹਨ ਅਤੇ ਹੋਰ ਆਧੁਨਿਕ ਤਕਨੀਕੀ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਨੈੱਟਵਰਕ ਲਗਾਤਾਰ ਆਧੁਨਿਕ ਹੋ ਰਹੇ ਹਨ, ਇਸ ਲਈ ਤਕਨਾਲੋਜੀ ਆਧਾਰਿਤ ਪੁਲਿਸਿੰਗ ਸਮੇਂ ਦੀ ਲੋੜ ਹੈ। ਪੰਜਾਬ ਵਿੱਚ ਏਆਈ ਆਧਾਰਿਤ ਨਿਗਰਾਨੀ ਪ੍ਰਣਾਲੀਆਂ ਸਮੇਤ ਤਕਨੀਕ ਦੀ ਵਰਤੋਂ ਵੱਲ ਵੀ ਕਦਮ ਵਧਾਏ ਜਾ ਰਹੇ ਹਨ।
ਉਨ੍ਹਾਂ ਸੜਕ ਸੁਰੱਖਿਆ ਫੋਰਸ (SSF) ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਵਿਸ਼ੇਸ਼ ਅਤੇ ਤਕਨਾਲੋਜੀ ਆਧਾਰਿਤ ਪੁਲਿਸਿੰਗ ਦੀ ਇੱਕ ਵੱਡੀ ਉਦਾਹਰਨ ਹੈ, ਜਿਸ ਦਾ ਗਠਨ ਸੜਕ ਸੁਰੱਖਿਆ ਅਤੇ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਕੀਤਾ ਗਿਆ ਹੈ।
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ’ਤੇ ਜ਼ੋਰ
ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਵਿਦਿਅਕ ਸੰਸਥਾਵਾਂ ਵਿੱਚ ਜਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਮੁਹਿੰਮਾਂ ਚਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਨ ਤੱਕ ਸੀਮਤ ਨਹੀਂ ਹੈ, ਸਗੋਂ ਨਸ਼ੇ ਦੀ ਲਤ ਵਿੱਚ ਫਸੇ ਵਿਅਕਤੀ ਨੂੰ ਵੀ ਬਚਾਉਣਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਧਿਆਨ ਨਸ਼ਾ ਛੁਡਾਉਣ, ਮੁੜ ਵਸੇਬੇ ਅਤੇ ਨਸ਼ਾ ਪੀੜਤਾਂ ਨੂੰ ਨਵੀਂ ਜ਼ਿੰਦਗੀ ਸ਼ੁਰੂ ਕਰਨ ਦਾ ਮੌਕਾ ਦੇਣ ’ਤੇ ਵੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਐਨਡੀਪੀਐਸ ਐਕਟ ਨੂੰ ਹੋਰ ਸਖ਼ਤ ਬਣਾਉਣ ਲਈ ਕੇਂਦਰ ਸਰਕਾਰ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਸਾਢੇ ਚਾਰ ਸਾਲਾਂ ਵਿੱਚ 95,644 ਤੋਂ ਵੱਧ ਐਨਡੀਪੀਐਸ ਕੇਸ ਦਰਜ
ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਦੌਰਾਨ ਐਨਡੀਪੀਐਸ ਐਕਟ ਤਹਿਤ 95,644 ਤੋਂ ਵੱਧ ਐਫਆਈਆਰ ਦਰਜ ਕੀਤੀਆਂ ਗਈਆਂ ਅਤੇ ਕਰੀਬ 1,27,821 ਗ੍ਰਿਫ਼ਤਾਰੀਆਂ ਹੋਈਆਂ ਹਨ।
ਉਨ੍ਹਾਂ ਮੁਤਾਬਕ ਇਸ ਦੌਰਾਨ 7,265 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀ 375 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।
ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਤੋਂ ਮਿਲੇ 24,083 ਇਨਪੁਟ
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਮਹੱਤਵਪੂਰਨ ਬਣ ਕੇ ਸਾਹਮਣੇ ਆਈ ਹੈ। ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਪੁਲਿਸ ਨੂੰ 24,083 ਗੁਪਤ ਜਾਣਕਾਰੀਆਂ ਦਿੱਤੀਆਂ ਗਈਆਂ, ਜਿਨ੍ਹਾਂ ਦੇ ਆਧਾਰ ’ਤੇ 4,843 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 6,515 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੁਲਿਸ 24 ਘੰਟੇ ਲੋਕਾਂ ਦੀ ਸੇਵਾ ਲਈ ਤਿਆਰ ਹੈ ਅਤੇ ਐਸਐਚਓ ਜ਼ਮੀਨੀ ਪੱਧਰ ’ਤੇ ਨਸ਼ਿਆਂ ਖ਼ਿਲਾਫ਼ ਇਸ ਜੰਗ ਦੇ ਅਸਲ ਯੋਧੇ ਹਨ।
ਸਰਹੱਦੀ ਜ਼ਿਲ੍ਹਿਆਂ ਵਿੱਚ ਵਧੇਰੇ ਚੌਕਸੀ ਦੀ ਲੋੜ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਹੈ। ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਪਾਕਿਸਤਾਨ ਨਾਲ ਲੱਗਦੇ ਹਨ।
ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਸ ਲਈ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦਾ ਸਹਿਯੋਗ ਬੇਹੱਦ ਮਹੱਤਵਪੂਰਨ ਹੈ। ਸ਼ੱਕੀ ਗਤੀਵਿਧੀਆਂ ਬਾਰੇ ਸਮੇਂ ਸਿਰ ਪੁਲਿਸ ਨੂੰ ਜਾਣਕਾਰੀ ਦੇਣ ਦੀ ਅਪੀਲ ਵੀ ਕੀਤੀ ਗਈ।
ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵੀ ਕੀਤਾ ਸਲਾਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਦਾ ਹੌਸਲਾ ਵਧਾ ਕੇ ਇਸ ਮੁਸ਼ਕਲ ਡਿਊਟੀ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।
ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਪੂਰੇ ਪੰਜਾਬ ਦੀ ਜੰਗ ਹੈ। ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋ ਕੇ ਇਸ ਲੜਾਈ ਵਿੱਚ ਯੋਗਦਾਨ ਪਾਉਣਾ ਹੋਵੇਗਾ।
ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ, ਡੀਜੀਪੀ ਗੌਰਵ ਯਾਦਵ ਸਮੇਤ ਪੰਜਾਬ ਪੁਲਿਸ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।