ਲੁਧਿਆਣਾ ’ਚ ਬਰਥਡੇ ਪਾਰਟੀ ਤੋਂ ਵਾਪਸ ਆ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

📍 स्थान / Location: Ludhiana 🗂️ विषय / Category: पंजाब / Punjab 📹 Full Video / पूरा वीडियो 📅 August 18, 2026

ਲੁਧਿਆਣਾ ਵਿੱਚ ਬਰਥਡੇ ਪਾਰਟੀ ਤੋਂ ਵਾਪਸ ਘਰ ਜਾ ਰਹੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦਕਿ ਉਸਦਾ ਦੋਸਤ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਮ੍ਰਿਤਕ ਦੀ ਪਛਾਣ ਰਮਿੰਦਰ ਸਿੰਘ ਉਰਫ਼ ਸੋਨੂੰ (39) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਹ ਆਪਣੇ ਦੋਸਤ ਦੀ ਬਰਥਡੇ ਪਾਰਟੀ ਵਿੱਚ ਸ਼ਾਮਲ ਹੋਣ ਗਿਆ ਸੀ। ਪਾਰਟੀ ਤੋਂ ਬਾਅਦ ਰਾਤ ਕਰੀਬ 11:30 ਤੋਂ 12 ਵਜੇ ਦੇ ਵਿਚਕਾਰ ਰਮਿੰਦਰ ਸਿੰਘ ਆਪਣੇ ਦੋਸਤਾਂ ਨਾਲ ਘਰ ਵਾਪਸ ਜਾ ਰਿਹਾ ਸੀ।
ਇਸ ਦੌਰਾਨ JMD ਮਾਲ ਨੇੜੇ ਐਕਟਿਵਾ ਅਤੇ ਕਾਰ ਦੀ ਟੱਕਰ ਨੂੰ ਲੈ ਕੇ ਕੁਝ ਲੋਕਾਂ ਵਿਚਕਾਰ ਬਹਿਸ ਹੋਈ। ਮੌਕੇ ’ਤੇ ਮੌਜੂਦ ਲੋਕਾਂ ਨੇ ਦਖਲ ਦੇ ਕੇ ਮਾਮਲਾ ਸ਼ਾਂਤ ਕਰਵਾ ਦਿੱਤਾ। ਇਸ ਤੋਂ ਬਾਅਦ ਰਮਿੰਦਰ ਸਿੰਘ ਅਤੇ ਉਸਦੇ ਸਾਥੀ ਆਪਣੀ ਗੱਡੀ ਵਿੱਚ ਬੈਠ ਕੇ ਘਰ ਲਈ ਰਵਾਨਾ ਹੋ ਗਏ।
ਕੁਝ ਸਮੇਂ ਬਾਅਦ ਪਿੱਛੋਂ ਆਈ ਕ੍ਰੇਟਾ ਕਾਰ ਵਿੱਚ ਸਵਾਰ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ’ਤੇ ਫਾਇਰਿੰਗ ਕਰ ਦਿੱਤੀ। ਗੋਲੀ ਰਮਿੰਦਰ ਸਿੰਘ ਦੀ ਗਰਦਨ ਵਿੱਚ ਲੱਗੀ। ਗੰਭੀਰ ਜ਼ਖ਼ਮੀ ਹੋਣ ਕਾਰਨ ਉਸਦੀ ਮੌਤ ਹੋ ਗਈ, ਜਦਕਿ ਉਸਦਾ ਦੋਸਤ ਸੰਜੀਵ ਵੀ ਜ਼ਖ਼ਮੀ ਹੋਇਆ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਟੀਮਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਮ੍ਰਿਤਕ ਰਮਿੰਦਰ ਸਿੰਘ ਵਿਆਹਿਆ ਹੋਇਆ ਸੀ ਅਤੇ ਉਸਦੇ ਦੋ ਬੱਚੇ ਹਨ। ਪੁਲਿਸ ਵੱਲੋਂ ਮਾਮਲੇ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Scroll to Top