ਵੰਦੇ ਮਾਤਰਮ’ ਰਾਹੀਂ ਸਿੱਖਾਂ ’ਤੇ ਹਿੰਦੂਤਵ ਕਾਨੂੰਨ ਥੋਪਣ ਦੀ ਕੋਸ਼ਿਸ਼: ਸਿਮਰਨਜੀਤ ਸਿੰਘ ਮਾਨ
‘ਵੰਦੇ ਮਾਤਰਮ’ ਰਾਹੀਂ ਸਿੱਖਾਂ ’ਤੇ ਹਿੰਦੂਤਵ ਕਾਨੂੰਨ ਥੋਪਣ ਦੀ ਕੋਸ਼ਿਸ਼: ਸਿਮਰਨਜੀਤ ਸਿੰਘ ਮਾਨ
‘ਸਾਚਾ ਗੁਰੂ ਲਾਧੋ ਰੇ’ ਪੰਥਕ ਕਾਨਫਰੰਸ ’ਚ ਪੰਥਕ ਮੁੱਦਿਆਂ ’ਤੇ ਹੋਈ ਵਿਚਾਰ-ਚਰਚਾ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅੱਜ ਬਾਬਾ ਬਕਾਲਾ ਸਾਹਿਬ ਵਿਖੇ ‘ਸਾਚਾ ਗੁਰੂ ਲਾਧੋ ਰੇ’ ਪੰਥਕ ਕਾਨਫਰੰਸ ਕਰਵਾਈ ਗਈ। ਕਾਨਫਰੰਸ ਵਿੱਚ ਪਾਰਟੀ ਦੇ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਮਹਾਨ ਬਲੀਦਾਨ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਹਿੰਦੂਤਵ ਦੀ ਵਿਚਾਰਧਾਰਾ ਨੂੰ ‘ਵੰਦੇ ਮਾਤਰਮ’ ਵਰਗੇ ਗੀਤਾਂ ਰਾਹੀਂ ਸਿੱਖਾਂ ’ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੀ ਸਿੱਖਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਪੰਥ ਨੂੰ ਇਸ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ।
ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਿੱਖ ਕੌਮ ਨੂੰ ਮੀਰੀ-ਪੀਰੀ ਦਾ ਸਿਧਾਂਤ ਦਿੱਤਾ ਹੈ ਅਤੇ ਜੇਕਰ ਸਿੱਖ ਇਸ ਸਿਧਾਂਤ ਤੋਂ ਪਾਸੇ ਹੁੰਦੇ ਹਨ ਤਾਂ ਉਨ੍ਹਾਂ ਦੀ ਕੀਤੀ ਘਾਲਣਾ ਅਜਾਈਂ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਅਤੇ ਭਗਤ ਸਾਹਿਬਾਨ ਨੇ ਸਿੱਖਾਂ ਨੂੰ ਪੱਥਰ ਪੂਜਾ, ਬੁੱਤ ਪੂਜਾ ਅਤੇ ਦੇਵੀ-ਦੇਵਤਿਆਂ ਦੀ ਪੂਜਾ ਤੋਂ ਵਰਜਿਆ ਹੈ।
ਇਮਾਨ ਸਿੰਘ ਮਾਨ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਵੱਲੋਂ ਅਜਿਹੇ ਵਿਚਾਰ ਸਿੱਖਾਂ ’ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ‘ਵੰਦੇ ਮਾਤਰਮ’ ਰਾਹੀਂ ਦੁਰਗਾ ਦੀ ਉਪਾਸਨਾ ਨਾਲ ਜੋੜਨ ਦੀ ਕੋਸ਼ਿਸ਼ ਦਾ ਹੁਣ ਸਿੱਖ ਕੌਮ ਨੂੰ ਵਿਰੋਧ ਕਰਨਾ ਪਵੇਗਾ।
ਇਸ ਮੌਕੇ ਕਾਨਫਰੰਸ ਦੌਰਾਨ ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਭਾਈ ਜਸਵੰਤ ਸਿੰਘ ਖਾਲੜਾ ਨੂੰ ਵੀ ਯਾਦ ਕੀਤਾ ਗਿਆ। ਆਗੂਆਂ ਵੱਲੋਂ 5 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਅਤੇ 15 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਜਮਹੂਰੀਅਤ ਦਿਹਾੜਾ ਮਨਾਉਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸਮੂਹ ਜਨਰਲ ਸਕੱਤਰ ਅਹੁਦੇਦਾਰ ਅਤੇ ਵਰਕਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ।