ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗੁਨੋਵਾਲ ਤੋਂ 74ਵੀਂ ਤੀਰਥ ਯਾਤਰਾ ਬੱਸ ਸੰਗਤ ਨੂੰ ਲੈ ਕੇ ਰਵਾਨਾ
ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗੁਨੋਵਾਲ ਤੋਂ 74ਵੀਂ ਤੀਰਥ ਯਾਤਰਾ ਬੱਸ ਸੰਗਤ ਨੂੰ ਲੈ ਕੇ ਰਵਾਨਾ
ਪਿੰਡ ਗੁਨੋਵਾਲ ਦੀ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਕਰੇਗੀ ਦਰਸ਼ਨ
ਸੂਬਾ ਵਾਸੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੋਂ ਪੂਰੀ ਤਰ੍ਹਾਂ ਸੰਤੁਸ਼ਟ – ਹਰਭਜਨ ਸਿੰਘ ਈ.ਟੀ.ਓ
.
ਜੰਡਿਆਲਾ ਗੁਰੂ/ਅੰਮ੍ਰਿਤਸਰ, 25 ਅਕਤੂਬਰ ( ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗੁਨੋਵਾਲ ਤੋਂ ਹਲਕੇ ਦੀ 74ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰਵਾਏ ਜਾਣਗੇ।
ਸੰਗਤ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ, ਜਿਸ ਤਹਿਤ ਸੂਬਾ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਯਾਤਰਾ ਪੂਰੀ ਤਰ੍ਹਾਂ ਮੁਫ਼ਤ ਹੈ। ਯਾਤਰੀਆਂ ਨੂੰ ਧਾਰਮਿਕ ਸਥਾਨਾਂ ਤੱਕ ਲਿਜਾਣ ਅਤੇ ਵਾਪਸ ਲਿਆਉਣ ਤੋਂ ਇਲਾਵਾ ਯਾਤਰਾ ਦੌਰਾਨ ਰਹਿਣ-ਸਹਿਣ ਸਮੇਤ ਲੋੜੀਂਦੇ ਪ੍ਰਬੰਧ ਵੀ ਸੂਬਾ ਸਰਕਾਰ ਵੱਲੋਂ ਕੀਤੇ ਜਾਂਦੇ ਹਨ, ਤਾਂ ਜੋ ਹਰ ਵਰਗ ਦੇ ਲੋਕ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੀ ਧਾਰਮਿਕ ਆਸਥਾ ਅਨੁਸਾਰ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਸਕਣ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਅੱਜ 74ਵੀਂ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।
ਤੀਰਥ ਯਾਤਰਾ ਕਰਨ ਵਾਲੇ ਯਾਤਰੂਆਂ ਵੱਲੋਂ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾ ਕੇ ‘ਸਰਵਣ ਪੁੱਤਰ’ ਦੀ ਭੂਮਿਕਾ ਨਿਭਾਈ ਹੈ।