12 ਸਤੰਬਰ ਨੂੰ ਬਠਿੰਡਾ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ
ਬਠਿੰਡਾ, 11 ਸਤੰਬਰ ( ਮਨੋਜ ਚਰਖੀਵਾਲ ਬਠਿੰਡਾ )
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਸੈਸ਼ਨਜ਼ ਡਵੀਜਨ, ਬਠਿੰਡਾ ਅਧੀਨ ਸਮੂਹ ਨਿਆਇਕ ਅਦਾਲਤਾਂ ਬਠਿੰਡਾ ਅਤੇ ਸਬ-ਡਵੀਜਨਾਂ, ਤਲਵੰਡੀ ਸਾਬੋ ਅਤੇ ਫੂਲ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 12 ਸਤੰਬਰ 2026 ਨੂੰ ਕੀਤਾ ਜਾ ਰਿਹਾ ਹੈ।
ਇਸ ਸੰਬੰਧੀ ਕਰੁਨੇਸ਼ ਕੁਮਾਰ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬੱਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਲੋਕ ਅਦਾਲਤਾਂ ਰਾਹੀਂ ਫੈਸਲੇ ਹੋਏ ਕੇਸਾਂ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ। ਉਹਨਾ ਨੇ ਇਹ ਵੀ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸਾਂ ਵਿੱਚ ਲਗਾਈ ਗਈ, ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ।